ਰੋਹਤਕ : ਰੋਹਤਕ ਪੀਜੀਆਈ ਹਸਪਤਾਲ ਦੇ ਬਾਹਰ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਹੈ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਹੈ। ਮੀਡੀਆ ਕਰਮਚਾਰੀਆਂ ਨੂੰ ਵੀ ਹਸਪਤਾਲ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਇਹ ਸੱਭ ਇਸ ਲਈ ਹੈ ਕਿਉਂਕਿ ਅੰਦਰ ਡੇਰਾ ਸਿਰਸਾ ਦੇ ਆਗੂ ਗੁਰਮੀਤ ਰਾਮ ਰਹੀਮ ਦਾ ਇਲਾਜ ਚਲ ਰਿਹਾ ਹੈ। ਪੁੱਛਣ ਉਤੇ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਚੁੱਪ ਵੱਟੀ ਰੱਖੀ ਹੈ ਅਤੇ ਉਹ ਕੋਈ ਵੀ ਬਿਆਨ ਦੇਣ ਤੋਂ ਗੁਰੇਜ਼ ਕਰ ਰਹੇ ਹਨ। ਕੋਈ ਅਧਿਕਾਰੀ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਰੋਹਤਕ ਜੇਲ੍ਹ ਤੋਂ ਲਿਆਇਆ ਗਿਆ ਹੈ ਜਾਂ ਕੋਈ ਹੋਰ ਕੈਦੀ। ਸੂਤਰਾਂ ਅਨੁਸਾਰ ਪ੍ਰਸ਼ਾਸਨ ਅਤੇ ਪੁਲਿਸ ਨੂੰ ਡਰ ਹੈ ਕਿ ਗੁਰਮੀਤ ਦੇ ਖਰਾਬ ਹੋਣ ਦੀ ਜਾਣਕਾਰੀ ‘ਤੇ ਮਾਹੌਲ ਖ਼ਰਾਬ ਹੋ ਸਕਦਾ ਹੈ।
ਜਾਣਕਾਰੀ ਮੁਤਾਬਕ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਰੋਹਤਕ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਸਿੰਘ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਅਤੇ ਉਸ ਨੂੰ ਇਲਾਜ ਲਈ ਰੋਹਤਕ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਕੋਈ ਵੀ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ, ਪਰ ਸੂਤਰਾਂ ਅਨੁਸਾਰ ਹਸਪਤਾਲ ਲਿਆਂਦਾ ਗਿਆ ਕੈਦੀ ਗੁਰਮੀਤ ਰਾਮ ਰਹੀਮ ਸਿੰਘ ਹੈ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਉਹ ਕੋਰੋਨਾ ਨਾਲ ਵੀ ਪੀੜਤ ਹੋ ਸਕਦਾ ਹੈ।