ਹਰਪ੍ਰੀਤ ਨੇ ਚਿੱਤਰ ਅਤੇ ਸ਼ੀਵਾਂਸ਼ੀ ਨੇ ਲੇਖ ਮੁਕਾਬਲੇ ਵਿੱਚ ਮਾਰੀ ਬਾਜ਼ੀ
ਚਿੱਤਰ ਪ੍ਰਦਰਸ਼ਨੀ ਵੇਖਣ ਆਇਆ ਲੋਕਾਂ ਦਾ ਹੜ੍ਹ, ਕਲਾਕਾਰਾਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਬੰਨ੍ਹਿਆ ਸਮਾਂ
ਪਟਿਆਲਾ : ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਦੇਸ਼ ਭਰ ਵਿੱਚ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ 'ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸ਼ਹਿਰ ਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਉਕਤ ਥੀਮ 'ਤੇ ਇੱਕ ਤਿੰਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਲਾਈ ਗਈ, ਜਿਸ ਦਾ ਮੰਗਲਵਾਰ ਨੂੰ ਆਗਾਜ਼ ਹੋ ਗਿਆ।
ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰ੍ਹੇ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਦੇ ਕਲਿਆਣ ਲਈ ਵੱਖੋ ਵੱਖ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇਸ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਸਵੱਛਤਾ ਮੁਹਿੰਮ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਸ ਅਭਿਆਨ ਨੂੰ ਸਫਲ ਬਣਾਉਣ ਲਈ ਹਰ ਦੇਸ਼ਵਾਸੀ ਨੂੰ ਅੱਗੇ ਆਉਣਾ ਪਵੇਗਾ।
ਮੰਚ ਤੋਂ ਸੰਬੋਧਨ ਕਰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਮੰਤਰਾਲੇ ਵੱਲੋਂ ਲਾਈ ਗਈ ਚਿੱਤਰ ਪ੍ਰਦਰਸ਼ਨੀ ਦੇ ਜ਼ਰੀਏ ਵੱਖੋ ਵੱਖ ਮੰਤਰਾਲਿਆਂ ਦੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸਦੇ ਨਾਲ ਆਨਲਾਈਨ ਠੱਗੀ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਇਸ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਕਾਲਜ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਇਹ ਪ੍ਰੋਗਰਾਮ ਉਲੀਕਣ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਨੋਡਲ ਅਫਸਰ ਪ੍ਰੋ. ਸ਼ਵਿੰਦਰ ਰੇਖੀ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਮੌਜੂਦ ਲੋਕਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵੱਖੋ ਵੱਖ ਕਾਲਜਾਂ ਨੇ ਹਿੱਸਾ ਲਿਆ। ਲੇਖ ਮੁਕਾਬਲੇ ਵਿੱਚ ਸ਼ਿਵਾਂਸ਼ੀ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਮਮਤਾ ਨੇ ਤੀਜਾ, ਆਂਚਲ ਨੇ ਚੌਥਾ, ਕਿਰਨ ਨੇ ਪੰਜਵਾ ਅਤੇ ਨਵਜੋਤ ਕੌਰ ਨੇ ਛੇਵਾਂ ਸਥਾਨ ਹਾਸਿਲ ਕੀਤਾ। ਜਦਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਰਪ੍ਰੀਤ ਕੌਰ ਨੇ ਪਹਿਲਾ, ਹਰਜੀਤ ਸਿੰਘ ਨੇ ਦੂਜਾ ਅਤੇ ਸੁਖਵਿੰਦਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਵੱਛਤਾ ‘ਤੇ ਰਾਜੀਵ ਸ਼ਰਮਾ ਮੋਦੀ ਕਾਲਜ, ਪਾਣੀ ਬਚਾਓ ‘ਤੇ ਭਾਸ਼ਣ ਦਿੰਦਿਆਂ ਡਾ. ਮੁਹੰਮਦ ਸੋਹੇਲ, ਮਹਿੰਦਰਾ ਕਾਲਜ ਨੇ ਸਟੇਜ ਸੰਚਾਲਨ ਵੀ ਕੀਤਾ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਆਮ ਲੋਕਾਂ ਨੂੰ ਸਰਕਾਰ ਦੀਆਂ ਵੱਖੋ ਵੱਖ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਇੱਕ ਚੰਗਾ ਉਪਰਾਲਾ ਹੈ। ਬਹਿਰਹਾਲ ਇਸ ਪ੍ਰਦਰਸ਼ਨੀ ਦੌਰਾਨ ਨੁੱਕੜ ਨਾਟਕ ਸਣੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਲੋਕਾਂ ਦਾ ਦਿਲ ਜਿੱਤ ਲਿਆ।