ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਡੇਅਰੀ ਪਾਲਣ ਸਬੰਧੀ 02 ਹਫਤੇ ਦੀ ਡੇਅਰੀ ਸਿਖਲਾਈ ਦੇਣ ਵਾਸਤੇ 02 ਸਤੰਬਰ ਤੋਂ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰੇਨਿੰਗ ਹਾਸਲ ਕਰਨ ਦੇ ਚਾਹਵਾਨ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਵਿਦਿਅਕ ਯੋਗਤਾ ਘੱਟੋ ਘੱਟ ਪੰਜਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਉਸ ਦੀ ਉਮਰ 18 ਸਾਲ ਤੋਂ 50 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਸਿਖਲਾਈ ਹਾਸਲ ਕਰਨ ਦੇ ਚਾਹਵਾਨ ਸਿਖਿਆਰਥੀ ਆਪਣੀ ਯੋਗਤਾ ਦਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ, ਇੱਕ ਪਾਸਪੋਰਟ ਸਾਇਜ਼ ਫੋਟੋ ਅਤੇ ਬੈਂਕ ਪਾਸ ਬੁੱਕ ਦੀ ਕਾਪੀ ਲੈ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਦੁਧਾਰੂ ਪਸ਼ੂਆ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਸਿਖਲਾਈ ਕੋਰਸ ਵਿੱਚ ਭਾਗ ਲੈਣ ਵਾਲੇ ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ। ਵਿਭਾਗ ਵੱਲੋਂ 2-5 ਅਤੇ 10 ਪਸ਼ੂਆਂ ਦਾ ਡੇਅਰੀ ਯੁਨਿਟ ਸਥਾਪਤ ਕਰਨ ਵਾਸਤੇ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ ਅਨੁਸੂਚਿਤ ਜਾਤੀ ਦੇ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਮੋਬਾਇਲ ਨੰਬਰ 8283039015 ਅਤੇ ਦਫ਼ਤਰ ਦੇ ਟੈਲੀਫੋਨ ਨੰਬਰ 01763-233334 ਤੇ ਸੰਪਰਕ ਕੀਤਾ ਜਾ ਸਕਦਾ ਹੈ ।