ਨਵੀਂ ਦਿੱਲੀ : ਅਮਿਤਾਭ ਬੱਚਨ ਨੇ ਕੁਝ ਦਿਨ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੋਕਾਂ ਦੀ ਸਹੂਲਤ ਲਈ ਸਥਾਪਤ ਕੀਤੇ ਕੋਵਿਡ ਕੇਅਰ ਸੈਂਟਰ ਲਈ ਦੋ ਕਰੋੜ ਰੁਪਏ ਦਾਨ ਦਿੱਤੇ ਸਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਅਮਿਤਾਭ ਬੱਚਨ ਤੋਂ ਦਾਨ ਲੈ ਕੇ ਦਿੱਲੀ ਦੰਗਿਆਂ ਦੇ ਪ੍ਰਭਾਵਿਤ ਪਰਿਵਾਰਾਂ ਦੇ ਜ਼ਖਮਾਂ ਨੂੰ ਮੁੜ ਛਿੱਲਿਆ ਗਿਆ ਹੈ। ਇਸ ਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਹਮੇਸ਼ਾ ਹੀ ਸਿੱਖ ਪੰਥ ’ਚ ਵਿਵਾਦ ਪੈਦਾ ਕਰ ਕੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਕਰਦਾ ਆ ਰਿਹਾ ਹੈ। ਇਕ ਵਾਰ ਫਿਰ ਮਨਜਿੰਦਰ ਸਿੰਘ ਸਿਰਸਾ ਨੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕਨਵੀਨਰ ਤੇ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਰਹੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਵੀ ਕਿਹਾ ਕਿ ਸਿਰਸਾ ਨੇ ਅਮਿਤਾਭ ਬੱਚਨ ਤੋਂ ਦਾਨ ਲੈ ਕੇ ਆਪਣਾ ਅਕਸ ਖਰਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਿਤਾਭ ਬੱਚਨ ਇਸ ਤਰ੍ਹਾਂ ਦੇ ਕੰਮ ਕਰ ਕੇ ਸਿੱਖ ਕੌਮ ’ਚ ਆਪਣੀ ਥਾਂ ਬਣਾਉਣਾ ਚਾਹੁੰਦਾ ਹੈ।