ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੇ ਗਏ " ਇੱਕ ਪੇੜ ਮਾਂ ਦੇ ਨਾਂ " ਮੁਹਿੰਮ ਅਧੀਨ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੂਟੇ ਲਗਾਏ ਗਏ। ਇਸ ਪ੍ਰੋਗਰਾਮ ਵਿੱਚ ਕਿਸਾਨਾਂ ਨੂੰ 100 ਬੂਟੇ ਵੀ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਗਈ ਗਲੋਬਲ ਮੁਹਿੰਮ " ਇੱਕ ਪੇੜ ਮਾਂ ਦੇ ਨਾਂ " ਤਹਿਤ ਸਤੰਬਰ, 2024 ਤੱਕ ਦੇਸ਼ ਭਰ ਅੰਦਰ 80 ਕਰੋੜ ਬੂਟੇ ਲਗਾਏ ਜਾਣਗੇ ਅਤੇ ਮਾਰਚ 2025 ਤੱਕ 140 ਕਰੋੜ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਬੀਤੀ 20 ਜੂਨ ਨੂੰ ਅਸੋਲਾ ਭਾਈ ਵਾਈਲਡ ਲਾਇਫ ਸੈਂਚੁਰੀ ਵਿਖੇ ਬੂਟਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਜਿਸ ਤਹਿਤ ਹਰੇਕ ਵਿਅਕਤੀ ਨੂੰ ਆਪਣੀ ਮਾਂ ਦੇ ਸਨਮਾਨ ਵਿੱਚ ਬੂਟਾ ਲਗਾਉਣਾ ਚਾਹੀਦਾ ਹੈ।
ਡਾ: ਰਾਮਪਾਲ ਨੇ ਦੱਸਿਆ ਕਿ ਅੱਜ ਤੋਂ ਕੇਂਦਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੂਟੇ ਲਗਾਏ ਗਏ ਹਨ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਦਰਖ਼ਤ ਲਗਾ ਕੇ ਆਪਣੀ ਧਰਤੀ ਮਾਂ ਪ੍ਰਤੀ ਆਪਣੇ ਸਨਮਾਨ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ ਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਤ ਮੁਕਤ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਹਾਇਕ ਪ੍ਰੋਫੈਸਰ (ਬਾਗਬਾਨੀ) ਡਾ: ਅਰਵਿੰਦਪ੍ਰੀਤ ਕੌਰ ਨੇ ਕਿਸਾਨਾਂ ਨੂੰ ਫੂੱਲਾਂ ਦੀ ਪੌਸ਼ਟਿਕ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਸਾਰੇ ਫਲਦਾਰ ਬੂਟੇ ਕ੍ਰਿਸੀ ਵਿਗਿਆਨ ਕੇਂਦਰ ਵੱਲੋਂ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ। ਇਸ ਪ੍ਰੋਗਰਾਮ ਦੇ ਅੰਤ ਵਿੱਚ ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਡਾ: ਅਮਨਪ੍ਰੀਤ ਸਿੰਘ ਨੇ ਆਏ ਕਿਸਾਲਾਂ ਤੇ ਕਿਸਾਨ ਬੀਬੀਆਂ ਦਾ ਧੰਨਵਾਦ ਵੀ ਕੀਤਾ।