ਸੁਨਾਮ : ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਦੀ ਮੰਗ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੰਡੀਗੜ੍ਹ ਵਿਖੇ ਲਾਏ ਜਾਣ ਵਾਲੇ ਮੋਰਚੇ ਦੀਆਂ ਤਿਆਰੀਆਂ ਨੂੰ ਲੈਕੇ ਜਥੇਬੰਦੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਕਿਯੂ ਏਕਤਾ ਉਗਰਾਹਾਂ ਨੇ ਪਹਿਲੀ ਸਤੰਬਰ ਤੋਂ ਲੈਕੇ ਪੰਜ ਸਤੰਬਰ ਤੱਕ ਚੰਡੀਗੜ੍ਹ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਸੁਨਾਮ ਨੇੜਲੇ ਪਿੰਡ ਉਗਰਾਹਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੋਈ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦੋ ਸਾਲ ਪਹਿਲਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਖੇਤੀ ਨੀਤੀ ਦਾ ਖਰੜਾ ਸੌਂਪਿਆ ਗਿਆ ਸੀ ਲੇਕਿਨ ਸਰਕਾਰ ਨੇ ਵਾਅਦੇ ਮੁਤਾਬਕ ਕੋਈ ਕਦਮ ਅੱਗੇ ਨਹੀਂ ਵਧਾਇਆ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਖੇਤੀ ਨੀਤੀ ਨੂੰ ਲੈਕੇ ਸਰਕਾਰ ਨੂੰ ਘੇਰਨ ਲਈ ਪਹਿਲੀ ਤੋਂ ਪੰਜ ਸਤੰਬਰ ਤੱਕ ਚੰਡੀਗੜ੍ਹ ਮੋਰਚਾ ਲਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਰਕਾਰ ਨੂੰ ਵਾਅਦੇ ਚੇਤੇ ਕਰਵਾਏ ਜਾ ਸਕਣ। ਕਿਸਾਨ ਆਗੂ ਨੇ ਕਿਹਾ ਕਿ ਖੇਤੀ ਨੀਤੀ ਦੇ ਖਰੜੇ ਵਿੱਚ ਕਿਸਾਨਾਂ ਮਜ਼ਦੂਰਾਂ ਦੇ ਸੁਨਿਹਰੇ ਭਵਿੱਖ ਵਾਲੀਆਂ ਨੀਤੀਆਂ ਮੌਜੂਦ ਹਨ ਜੋਂ ਪੰਜਾਬ ਦੇ ਖੇਤੀ ਮਾਹਿਰਾਂ ਵੱਲੋਂ ਬਣਾਇਆ ਖਰੜਾ ਹੈ,ਪਰ ਪੰਜਾਬ ਸਰਕਾਰ ਪੰਜਾਬ ਦੀ ਖੇਤੀ ਨੀਤੀ ਕਰੋੜਾਂ ਰੁਪਏ ਖਰਚ ਕਰਕੇ ਅਮਰੀਕਾ ਦੇ ਵੱਡੇ ਕਾਰਪੋਰੇਟ ਘਰਾਣਿਆਂ ਤੋਂ ਖੇਤੀ ਨੀਤੀ ਬਣਵਾ ਰਿਹਾ ਹੈ ਜਿਸ ਖੇਤੀ ਨੀਤੀ ਨੇ ਕਿਸਾਨਾਂ ਮਜ਼ਦੂਰਾਂ ਦੇ ਮੂੰਹ ਚੋਂ ਰੋਟੀ ਖੋਹ ਲੈਣੀ ਹੈ ਅਤੇ ਵੱਡੇ ਪੱਧਰ ਤੇ ਪੰਜਾਬ ਦੀ ਜ਼ਮੀਨ ਨੱਪ ਲੈਣੀ ਹੈ, ਪਰ ਪੰਜਾਬ ਦੇ ਸੰਘਰਸ਼ੀ ਲੋਕ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਬਲਾਕ ਆਗੂ ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ, ਪਾਲ ਸਿੰਘ ਦੌਲਾ ਸਿੰਘ ਵਾਲਾ , ਮਹਿੰਦਰ ਸਿੰਘ ਨਮੋਲ ਸਮੇਤ ਹੋਰ ਆਗੂ ਹਾਜ਼ਰ ਸਨ।