ਫ਼ਤਹਿਗੜ੍ਹ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਾਊਣੀ ਦੀਆਂ ਫਸਲਾਂ ਸਬੰਧੀ ਬਸੀ ਪਠਾਣਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਗਏ ਜਿਨ੍ਹਾਂ ਵਿੱਚ ਕਿਸਾਨਾਂ ਨੂੱ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਬਸੀ ਪਠਾਣਾ ਡਾ: ਕਿਰਪਾਲ ਸਿੰਘ ਨੇ ਕਿਸਾਨਾਂ ਨੂੰ ਵਿਭਾਗੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਕਿਸਾਨਾਂ ਨੂੰ ਬੂਟੇ ਵੰਡੇ ਜਾ ਰਹੇ ਹਨ। ਕਿਸਾਨ ਆਪਣੀਆਂ ਮੋਟਰਾਂ ਤੇ 5-5 ਬੂਟੇ ਜਰੂਰ ਲਗਾਉਣ। ਇਸ ਮੌਕੇ ਪੀ.ਐਮ. ਕਿਸਾਨ ਨਿਧੀ ਸਕੀਮ ਅਧੀਨ ਕਿਸਾਨਾਂ ਦੀ ਈ.ਕੇ.ਵਾਈ.ਸੀ. ਵੀ ਕੀਤੀ ਗਈ।
ਇਸ ਮੌਕੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਹਰਮਨਜੀਤ ਸਿੰਘ ਨੇ ਕਿਸਾਨਾਂ ਨੂੰ ਆਤਮਾ ਸਕੀਮ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾਂ, ਮਿੱਟੀ ਸਿਹਤ ਕਾਰਡ, ਫਸਲੀ ਵਿਭਿੰਨਤਾ ਆਦਿ ਸਕੀਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਹਾਇਕ ਧੰਦੇ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ । ਉਨ੍ਹਾਂ ਕਿਹਾ ਕਿ ਸਹਾਇਕ ਧੰਦਿਆਂ ਦੀ ਸਿਖਲਾਈ ਆਤਮਾ ਸਕੀਮ ਦਿਵਾਉਣ ਬਾਰੇ ਵੀ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਖੇਤੀਬਾੜੀ ਵਿਸਥਾਰ ਅਫਸਰ ਮਨਦੀਪ ਕੌਰ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਉਪਰ ਕੀੜੇ ਮਕੌੜਿਆਂ ਤੇ ਬਿਮਾਰੀਆਂ ਦੇ ਹਮਲੇ ਅਤੇ ਇਸ ਦੀ ਰੋਕਥਾਮ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਰਲਾਇਆ ਜਾ ਸਕਦਾ ਹੈ ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ ਅਤੇ ਮਿੱਤਰ ਕੀੜੇ ਵੀ ਨਸ਼ਟ ਹੋਣ ਤੋਂ ਬਚੇ ਰਹਿਣਗੇ। ਬਸੀ ਪਠਾਣਾ ਮਾਰਕੀਟ ਕਮੇਟੀ ਦੇ ਸਕੱਤਰ ਕਮਲਜੀਤ ਸਿੰਘ ਨੇ ਕਿਸਾਨਾਂ ਨੂੰ ਜੇ ਫਾਰਮ, ਆਯੂਸ਼ਮਾਨ ਕਾਰਡ ਅਤੇ ਮੰਡੀ ਵਿੱਚ ਝੋਨੇ ਦੀ ਸਹੀ ਨਮੀ ਵਾਲੀ ਫਸਲ ਲਿਆਉਣ ਲਈ ਪ੍ਰੇਰਿਤ ਕੀਤਾ। ਵੈਜੀਟੇਬਲ ਪ੍ਰੋਡਿਊਸਰ ਕੰਪਨੀ ਲਿਮ: , ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ ਪਿੰਡ ਮਾਰਵਾ ਦੇ ਸੀ. ਈ.ਓ. ਕੇਹਰ ਸਿੰਘ ਨੇ ਕਿਸਾਨਾਂ ਨੂੰ ਆਪਣੀ ਸੰਸਥਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਨਾਲ ਜੁੜ ਕੇ ਕਿਸਾਨਾਂ ਨੂੰ ਫਸਲਾਂ ਦਾ ਸਹੀ ਮੁੱਲ ਮਿਲੇਗਾ ਅਤੇ ਮੰਡੀਕਰਨ ਦੀ ਸਮੱਸਿਆ ਦਾ ਵੀ ਹੱਲ ਹੋ ਜਾਵੇਗਾ। ਇਸ ਮੌਕੇ ਅਗਾਂਹਵਧੂ ਕਿਸਾਨ ਪਰਦੀਪ ਸਿੰਘ, ਸੰਤ ਸਿੰਘ, ਜਸਪਾਲ ਸਿੰਘ ਕਲੌੜ, ਹਰਭਜਨ ਸਿੰਘ ਰੈਲੋਂ, ਰੁਪਿੰਦਰ ਸਿੰਘ ਡਡਿਆਣਾ, ਗੁਰਜੰਟ ਸਿੰਘ, ਜਸਵਿੰਦਰ ਸਿੰਘ ਨੰਦਪੁਰ, ਸੇਵਾ ਸਿੰਘ ਮਾਰਵਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।