ਪਟਿਆਲਾ : ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਵੱਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ
#ਪਟਿਆਲਾ ਦੇ ਸਰਕਾਰੀ
#ਰਾਜਿੰਦਰਾ #ਹਸਪਤਾਲ ਦੇ ਸ੍ਰੀ ਗੁਰੂ ਨਾਨਕ ਦੇਵ ਸੁਪਰ-ਸਪੈਸ਼ਲਿਟੀ ਬਲਾਕ ਵਿੱਚ ਸਥਾਪਤ ਕੀਤਾ 100 ਬਿਸਤਰਿਆਂ ਦਾ ਕੋਵਿਡ ਹਸਪਤਾਲ ਅੱਜ ਰਸਮੀ ਤੌਰ 'ਤੇ ਚਾਲੂ ਹੋ ਗਿਆ। ਭਾਵੇਂ ਕਿ ਇਥੇ ਕੋਵਿਡ ਦੇ ਲੈਵਲ-2 ਮਰੀਜਾਂ ਨੂੰ ਸੰਭਾਲਣ ਦਾ ਕੰਮ 10 ਮਈ ਤੋਂ ਹੀ ਸ਼ੁਰੂ ਹੋ ਗਿਆ ਸੀ, ਪਰੰਤੂ ਇਸ ਨੂੰ ਰਸਮੀ ਤੌਰ 'ਤੇ ਲੋਕਾਂ ਨੂੰ ਸਮਰਪਿਤ ਕਰਨ ਦੀ ਰਸਮ ਅੱਜ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਅਤੇ ਭਾਰਤੀ ਫ਼ੌਜ ਦੀ ਅਰਾਵਤ ਡਿਵੀਜ਼ਨ ਦੇ ਜੀ.ਓ.ਸੀ. ਮੇਜਰ ਜਨਰਲ ਮੋਹਿਤ ਮਲਹੋਤਰਾ, ਸੈਨਾ ਮੈਡਲ, ਵੱਲੋਂ ਸਾਂਝੇ ਤੌਰ 'ਤੇ ਨਿਭਾਈ ਗਈ।
ਇਸ ਮੌਕੇ ਸ੍ਰੀਮਤੀ ਪ੍ਰਨੀਤ ਕੌਰ ਨੇ ਭਾਰਤੀ ਫ਼ੌਜ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਮਹਾਂਮਾਰੀ ਦੀ ਜੰਗ ਵਰਗੀ ਸਥਿਤੀ ਨਾਲ ਨਜਿੱਠਣ ਲਈ ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਦੇ ਜੀ.ਓ.ਸੀ.-ਇਨ-ਸੀ ਲੈਫਟੀਨੈਂਟ ਜਨਰਲ ਆਰ.ਪੀ. ਸਿੰਘ, ਏ.ਵੀ.ਐਸ.ਐਮ., ਵੀ.ਐਸ.ਐਮ., ਨਾਲ ਵਰਚੂਅਲ ਮੀਟਿੰਗ ਤੋਂ ਬਾਅਦ ਫ਼ੌਜ ਵੱਲੋ ਇਹ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫ਼ੌਜ ਵੱਲੋਂ ਸ਼ੁਰੂ ਕੀਤੇ ਇਸ ਕੋਵਿਡ ਹਸਪਤਾਲ ਦੀ ਮਦਦ ਨਾਲ ਹੁਣ ਰਾਜਿੰਦਰਾ ਹਸਪਤਾਲ ਦੇ ਡਾਕਟਰ ਆਪਣਾ ਪੂਰਾ ਧਿਆਨ ਕੋਵਿਡ ਦੇ ਲੈਵਲ-3 ਮਰੀਜਾਂ ਦੀ ਸੰਭਾਂਲ ਲਈ ਲਗਾਉਣਗੇ, ਜਿਸ ਨਾਲ ਬਿਹਤਰ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਮੁੱਖ ਮੰਤਰੀ ਤੇ ਸ੍ਰੀਮਤੀ ਪ੍ਰਨੀਤ ਕੌਰ ਦੀ ਸਪੁੱਤਰੀ ਬੀਬਾ ਜੈਇੰਦਰ ਕੌਰ, ਬ੍ਰਿਗੇਡੀਅਰ ਅਤੁਲ ਭੱਟ,ਪੱਛਮੀ ਕਮਾਂਡ ਦੇ ਤਾਲਮੇਲ ਅਧਿਕਾਰੀ ਕਰਨਲ ਜਸਦੀਪ ਸੰਧੂ, ਇਸ ਹਸਪਤਾਲ ਨੂੰ ਚਲਾਉਣ ਵਾਲੀ ਫ਼ੌਜ ਦੀ ਯੂਨਿਟ ਦੇ ਕਮਾਂਡਿੰਗ ਅਫ਼ਸਰ ਕਰਨਲ ਡਾ. ਮਨੋਜ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਕੋਵਿਡ ਕੇਅਰ ਇੰਚਾਰਜ ਸ੍ਰੀਮਤੀ ਸੁਰਭੀ ਮਲਿਕ, ਐਸ.ਐਸ.ਪੀ. ਡਾ. ਸੰਦੀਪ ਗਰਗ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ੍ਰੀ ਰਾਜੇਸ਼ ਸ਼ਰਮਾ, ਕਰਨਲ ਤਰੁਣ ਕੌਸ਼ਿਕ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਡਾ. ਵਿਨੋਦ ਡੰਗਵਾਲ, ਡਾ. ਅਮਨਦੀਪ ਬਖ਼ਸ਼ੀ, ਨਰਸਿੰਗ ਸੁਪਰਡੈਂਟ ਗੁਰਕਿਰਨ ਕੌਰ ਆਦਿ ਵੀ ਮੌਜੂਦ ਸਨ।