ਐਸ ਏ ਐਸ ਨਗਰ : ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਦਰਜ ਛੇ ਗੁਰੂ ਸਾਹਿਬਾਨ ਅਤੇ ਭਗਤਾਂ ਦੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਅਤੇ ਵਿਆਖਿਆ ਰਾਹੀਂ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਜੀ ਦੁਆਰਾ ਉਸ ਮੌਕੇ ਲਏ ਗਏ ਪਹਿਲੇ ਹੁਕਮਨਾਮਾ ਸਾਹਿਬ ਜੀ ਬਾਰੇ ਦੱਸਿਆ। ਭਾਈ ਮਨਦੀਪ ਸਿੰਘ ਪਿਹੋਵਾ ਵਾਲਿਆਂ ਦੇ ਰਾਗੀ ਜੱਥੇ ਆਪਣੇ ਰਸਭਿੰਨੇ ਕੀਤਰਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।ਇਸ ਤੋਂ ਇਲਾਵਾ ਭਾਈ ਬਲਜੋਤ ਸਿੰਘ, ਭਾਈ ਗੁਰਚਰਨ ਸਿੰਘ ਦਮਦਮੀ ਟਕਸਾਲ, ਬੀਬੀ ਜਤਿੰਦਰ ਕੌਰ, ਭਾਈ ਮਹਿੰਦਰ ਸਿੰਘ ਜਵੱਦੀ ਟਕਸਾਲ, ਕਵੀਸ਼ਰ ਭਾਈ ਸੁਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਬਹਾਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।