ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜੀਡੀਅਮ ਦੇ ਮੈਂਬਰ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਵਧਾਕੇ ਮੌਜੂਦਾ ਸੂਬਾ ਸਰਕਾਰ ਨੇ ਲੋਕਾਂ 'ਤੇ ਆਰਥਿਕ ਬੋਝ ਪਾ ਦਿੱਤਾ ਹੈ, ਅਜਿਹੇ ਨਾਲ ਹੀ ਸਰਕਾਰ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ। ਸਰਕਾਰ ਨੇ ਪਿਛਲੇ ਸਾਲ 45 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਸੀ ਅਤੇ ਇਸ ਸਾਲ ਹੋਰ ਵੀ ਕਰਜ਼ਾ ਲੈ ਰਹੀ ਹੈ। ਦਿਸ਼ਾਹੀਣ ਸਰਕਾਰ ਨੇ ਪੰਜਾਬ ਨੂੰ ਆਰਥਿਕ ਬਰਬਾਦੀ ਦੇ ਕੰਢੇ 'ਤੇ ਪਹੁੰਚਾ ਦਿੱਤਾ ਹੈ, ਪੰਜਾਬ ਨੂੰ ਕਰਜ਼ੇ ਦੇ ਬੋਝ ਥੱਲੇ ਡੂੰਘੇ ਦੱਬ ਦਿੱਤਾ ਹੈ। ਵੀਰਵਾਰ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਕੱਪੜਾ ਮਾਰਕੀਟ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਰਜ਼ਾ ਲੈਣ ਦੀ ਦਰ ਵਿੱਚ ਪੰਜ ਫੀਸਦੀ ਦਾ ਵਾਧਾ ਹੋਇਆ ਹੈ ਅਤੇ ਅਜਿਹੀ ਦਰ ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਦੇ ਨਹੀਂ ਵੇਖੀ ਗਈ। ਉਨ੍ਹਾਂ ਕਿਹਾ ਕਿ ਕਰਜ਼ੇ ਲੈਣ ਦੇ ਬਾਵਜੂਦ ਲੋਕਾਂ ’ਤੇ ਬੋਝ ਪਾਉਣਾ ਪੰਜਾਬੀਆਂ ’ਤੇ ਦੋਹਰੀ ਮਾਰ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾਖੋਰੀ ਅਤੇ ਅਪਰਾਧ ਲਗਾਤਾਰ ਵੱਧ ਰਹੇ ਹਨ। ਸੂਬੇ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਜੋ ਚਿੰਤਾ ਦਾ ਵਿਸ਼ਾ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਸੁਧਾਰ ਲਹਿਰ ਵੱਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 100ਵੀਂ ਜਨਮ ਸ਼ਤਾਬਦੀ 24 ਸਤੰਬਰ ਨੂੰ ਮਨਾਈ ਜਾ ਰਹੀ ਹੈ। ਇਸ ਤੋਂ ਬਾਅਦ ਬੰਦੀ ਸਿੱਖਾਂ ਦੇ ਮੁੱਦੇ 'ਤੇ ਲਹਿਰ ਚਲਾਈ ਜਾਵੇਗੀ ਅਤੇ ਫਿਰ ਜ਼ਿਲ੍ਹਾ ਪੱਧਰ 'ਤੇ ਮੀਟਿੰਗਾਂ ਕਰਕੇ ਅਕਾਲੀ ਸੁਧਾਰ ਲਹਿਰ ਲੋਕਾਂ ਸਾਹਮਣੇ ਆਪਣੀ ਵਿਚਾਰਧਾਰਾ ਪੇਸ਼ ਕਰੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ ਅਤੇ ਬਘੀਰਥ ਰਾਏ ਗੋਇਲ, ਬਲਜਿੰਦਰ ਸਿੰਘ ਕਾਕਾ, ਪ੍ਰਿਤਪਾਲ ਸਿੰਘ ਕਾਲਾ, ਮਦਨ ਪੋਪਲੀ, ਸੰਜੀਵ ਪੋਪਲੀ ਆਦਿ ਹਾਜ਼ਰ ਸਨ।