ਸੁਨਾਮ : ਬਿਜਲੀ ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹਮਾਇਤ ਦੇ ਦਿੱਤੀ ਹੈ। ਸਮੂਹਿਕ ਛੁੱਟੀ ਲੈਕੇ ਧਰਨਾ ਪ੍ਰਦਰਸ਼ਨ ਕਰ ਰਹੇ ਬਿਜਲੀ ਕਾਮਿਆਂ ਦੇ ਧਰਨੇ ਵਿੱਚ ਬੁੱਧਵਾਰ ਨੂੰ ਸੁਨਾਮ ਵਿਖੇ ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਸੁਖਪਾਲ ਸਿੰਘ ਮਾਣਕ ਅਤੇ ਭਗਵਾਨ ਸਿੰਘ ਸੁਨਾਮ ਨੇ ਵੀ ਸੰਬੋਧਨ ਕੀਤਾ। ਮੁਲਾਜ਼ਮਾਂ ਦੇ ਹੱਕ ਵਿੱਚ ਪਾਵਰਕਾਮ ਦੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਸੋਮ ਸਿੰਘ, ਭਗਵਾਨ ਸਿੰਘ, ਹਰਮੇਲ ਸਿੰਘ ਅਤੇ ਸੁਰਿੰਦਰ ਸਿੰਘ ਸੁਨਾਮ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜਿਸ ਦੇ ਗੰਭੀਰ ਸਿੱਟੇ ਨਿਕਲਣਗੇ। ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ ਤਹਿਤ ਤਿੰਨ ਰੋਜ਼ਾ ਹੜਤਾਲ ਦੇ ਦੂਜੇ ਦਿਨ ਸੁਨਾਮ ਵਿਖੇ 33 ਕੇਵੀ ਸਬ ਸਟੇਸ਼ਨ ਦੇ ਗੇਟ ਮੂਹਰੇ ਰੋਸ ਰੈਲੀ ਕਰਕੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਇੰਦਰਜੀਤ ਸਿੰਘ ਢਿੱਲੋਂ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਕ੍ਰਿਸ਼ਨ ਕਾਂਤ, ਪ੍ਰਿਤਪਾਲ ਸਿੰਘ, ਗੁਰਤੇਜ ਸਿੰਘ, ਜਬਲਾ, ਗੱਜਣ ਸਿੰਘ, ਸੁਖਰਾਜ ਮਾਨ, ਨਰਿੰਦਰ ਸ਼ਰਮਾ ਅਤੇ ਜੁਗਰਾਜ ਸਿੰਘ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਮੁਲਾਜ਼ਮਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਤੁਰੰਤ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਲਾਗੂ ਕਰਨ ਨੂੰ ਯਕੀਨੀ ਬਣਾਵੇ। ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਤਿੰਨ ਰੋਜ਼ਾ ਹੜਤਾਲ ਦੇ ਬਾਵਜੂਦ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਜਥੇਬੰਦੀਆਂ ਹੋਰ ਤਿੱਖਾ ਸੰਘਰਸ਼ ਵਿੱਢਣ ਲਈ ਤਿਆਰ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸੁਖਪਾਲ ਸਿੰਘ ਮਾਣਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਭੱਜ ਰਹੀ ਹੈ ਮੁਲਾਜ਼ਮ ਜਥੇਬੰਦੀਆਂ ਨੂੰ ਮੀਟਿੰਗਾਂ ਦਾ ਸਮਾਂ ਦੇਕੇ ਟਾਲ ਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੂਠ ਅਤੇ ਫਰੇਬ ਲੰਮਾ ਸਮਾਂ ਨਹੀਂ ਚੱਲ ਸਕਦਾ ਅੱਜ ਸੂਬੇ ਦਾ ਹਰੇਕ ਵਰਗ ਆਪਣੇ ਹੱਕਾਂ ਲਈ ਸੜਕਾਂ ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋ ਰਿਹਾ ਹੈ।