ਐਸ.ਏ.ਐਸ.ਨਗਰ : ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਭਾਰੀ ਬਰਸਾਤ ਕਾਰਨ ਘੱਗਰ ਵਿੱਚ ਕਲ੍ਹ ਪਾਣੀ ਦਾ ਪੱਧਰ ਕੁਝ ਵਧਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਘੱਗਰ ਦਰਿਆ ਦੇ ਭਾਂਖਰਪੁਰ ਗੇਜ ਦੀ ਨਿਰੰਤਰ ਨਿਗਰਾਨੀ ਕਰਨ ਲਈ ਆਦੇਸ਼ ਜਾਰੀ ਕੀਤਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਗੇ ਕਿਹਾ ਕਿ ਘੱਗਰ ਦੇ ਕੰਢੇ ਵਸਦੇ ਵਸਨੀਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਥਿਤੀ ਦਾ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਹੁਣ ਪਾਣੀ ਦਾ ਪੱਧਰ ਜੋ ਕੱਲ੍ਹ 5 ਫੁੱਟ ਮਾਪਿਆ ਗਿਆ ਸੀ, ਬਿਲਕੁਲ ਹੇਠਾਂ ਆ ਗਿਆ ਹੈ।
ਉਨ੍ਹਾਂ ਕਿਹਾ ਕਿ ਡਰੇਨੇਜ ਅਧਿਕਾਰੀਆਂ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਪਾਣੀ ਦੇ ਵਹਾਅ ਦੇ ਵਧਣ ਨਾਲ ਇਲਾਕੇ ਵਿੱਚ ਕੋਈ ਨੁਕਸਾਨ ਨਹੀਂ ਹੋਇਆ ਹੈ। ਡੀ ਸੀ ਜੈਨ ਨੇ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਹਿਮਾਂਸ਼ੂ ਗੁਪਤਾ ਅਤੇ ਡਰੇਨੇਜ ਅਧਿਕਾਰੀਆਂ ਨੂੰ ਡੇਰਾਬੱਸੀ ਸਬ ਡਵੀਜ਼ਨ ਵਿੱਚ ਪੈਂਦੇ ਘੱਗਰ ਦੇ ਸੰਭਾਵੀ ਹੜ੍ਹਾਂ ਵਾਲੇ ਖੇਤਰਾਂ ਵਿੱਚ ਵਧੇਰੇ ਚੌਕਸੀ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਜ਼ਿਲ੍ਹਾ ਕੰਟਰੋਲ ਰੂਮ ਨੰਬਰ 0172-2219506 'ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ ਜੋ 24 ਘੰਟੇ ਕੰਮ ਕਰਦਾ ਹੈ।