ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪਿੰਡ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖੇੜਾ ਸ. ਚੰਦ ਸਿੰਘ ਨੇ ਪਿੰਡ ਬੀਬੀਪੁਰ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਾਰੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਥਾਪਰ ਮਾਡਲ ਅਧਾਰਤ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਨਿਕਾਸੀ ਦੀ ਦਿੱਕਤ ਪੱਕੇ ਤੌਰ ਉੱਤੇ ਹੱਲ ਹੋ ਜਾਵੇਗੀ। ਬੀਤੇ ਦਿਨ ਜੋ ਪਾਣੀ ਸੜਕਾਂ 'ਤੇ ਖੜਾ ਹੋਣ ਬਾਰੇ ਕਿਹਾ ਜਾ ਰਿਹਾ ਹੈ ਉਹ ਅਚਾਨਕ ਆਈ ਬਰਸਾਤ ਕਾਰਨ ਹੋਇਆ, ਜਿਵੇਂ ਹੀ ਪਿੰਡ ਵਿੱਚ ਪਾਣੀ ਖੜ੍ਹਾ ਹੋਣ ਦਾ ਮਾਮਲਾ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਤੁਰੰਤ ਵਿਭਾਗ ਦੀ ਟੀਮ ਲੈ ਕੇ ਮੌਕੇ 'ਤੇ ਜਾ ਕੇ ਸਮੱਸਿਆ ਦਾ ਹੱਲ ਕਰਵਾ ਦਿੱਤਾ ਗਿਆ ਅਤੇ ਭਵਿੱਖ ਵਿੱਚ ਵੀ ਪਿੰਡ ਵਾਸੀਆਂ ਨੂੰ ਅਜਿਹੀ ਕਿਸੇ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਚੰਦ ਸਿੰਘ ਨੇ ਦੱਸਿਆ ਕਿ ਪਹਿਲਾਂ ਪਿੰਡ ਦੇ ਵਿਚਕਾਰ ਛੱਪੜ ਬਣਿਆ ਹੋਇਆ ਸੀ ਜਿਸ ਵਿੱਚ ਗੰਦੇ ਪਾਣੀ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆਂ ਰਹਿੰਦਾ ਸੀ ਅਤੇ ਪਿੰਡ ਵਾਸੀ ਵੀ ਇਸ ਕਾਰਨ ਪ੍ਰੇਸ਼ਾਨੀਆਂ ਝੱਲ ਰਹੇ ਸਨ। ਵਿਭਾਗ ਵੱਲੋਂ ਪਿੰਡ ਦੇ ਲੋਕਾਂ ਦੀ ਸਹਿਮਤੀ ਨਾਲ ਇਸ ਛੱਪੜ ਨੂੰ ਬੰਦ ਕਰਵਾ ਕੇ ਪਿੰਡ ਤੋਂ ਬਾਹਾਰ ਛੱਪੜ ਬਣਾਇਆ ਗਿਆ ਹੈ ਜਿਥੇ ਕਿ ਪਾਣੀ ਨੂੰ ਕੱਢਣ ਵਾਸਤੇ ਮੋਟਰ ਵੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਹੁਣ ਥਾਪਰ ਮਾਡਲ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਮੁਕੰਮਲ ਖਾਤਮਾ ਹੋ ਜਾਵੇਗਾ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਜੇਕਰ ਪਾਣੀ ਦੀ ਨਿਕਾਸੀ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤੇ ਵਿਭਾਗ ਵੱਲੋਂ ਲੋਕਾਂ ਦੀ ਸਮੱਸਿਆ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਨਿਯਮਾਂ ਦੀ ਉਲੰਘਣਾ ਕਰਦਿਆਂ ਪਾਣੀ ਦੀ ਨਿਕਾਸੀ ਵਿੱਚ ਕੋਈ ਅੜਿੱਕਾ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਨੂੰਨ ਅਨੁਸਾਰ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।