ਐਸ ਏ ਐਸ ਨਗਰ : ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜਾਦੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ 530ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਦੇ ਇੰਨਟਰਨੈਸ਼ਨਲ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜਾਦੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਮਨਦੀਪ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਬਾਰੇ ਜਾਰੇ ਜਾਣਕਾਰੀ ਦਿੱਤੀ। ਭਾਈ ਹਰਮਨਜੀਤ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਈ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਤੋਂ ਇਲਾਵਾ ਭਾਈ ਗੁਰਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਅਮਰਜੀਤ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਸ਼ਾਹਬਾਜ ਸਿੰਘ, ਭਾਈ ਹਰਏਕਮਜੋਤ ਸਿੰਘ, ਬੀਬੀ ਕਰਮਪ੍ਰੀਤ ਕੌਰ, ਅਕਾਲ ਕਵੀਸ਼ਰੀ ਜੱਥਾ, ਹਰਜੱਸ ਕੀਰਤਨੀ ਜੱਥਾ, ਭਾਈ ਸੰਦੀਪ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 13 ਸਤੰਬਰ ਨੂੰ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਮਹਾਨ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।