ਸੁਨਾਮ : ਮੰਨੀਆਂ ਮੰਗਾਂ ਲਾਗੂ ਕਰਵਾਉਣ ਸਮੇਤ ਹੋਰਨਾਂ ਮਸਲਿਆਂ ਦੇ ਹੱਲ ਲਈ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜ਼ਮਾਂ ਨੇ ਹੜਤਾਲ ਤੇ ਚੱਲਦਿਆਂ ਸ਼ੁੱਕਰਵਾਰ ਨੂੰ ਸੁਨਾਮ ਵਿਖੇ 33 ਕੇਵੀ ਸਬ ਸਟੇਸ਼ਨ ਦੇ ਗੇਟ ਅੱਗੇ ਰੋਸ ਧਰਨਾ ਦੇ ਕੇ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਸਰਕਾਰ ਨੂੰ ਘੇਰਦਿਆਂ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ ਲਾਏ। ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਜੂਨੀਅਰ ਇੰਜੀਨੀਅਰ ਇੰਦਰਜੀਤ ਸਿੰਘ ਢਿੱਲੋਂ, ਸੁਖਰਾਜ ਸਿੰਘ ਮਾਨ , ਜਸਵਿੰਦਰ ਸਿੰਘ , ਲਖਵਿੰਦਰ ਸਿੰਘ, ਕ੍ਰਿਸ਼ਨ ਕਾਂਤ, ਸੁਰਿੰਦਰ ਬੌਕਸਰ, ਨਰਿੰਦਰ ਸ਼ਰਮਾ, ਪ੍ਰਿਤਪਾਲ ਸਿੰਘ ਲਾਡੀ, ਬਲਜੀਤ ਸਿੰਘ, ਰਾਜਿੰਦਰ ਕੁਮਾਰ, ਜਗਸੀਰ ਗਿੱਲ, ਪੈਨਸ਼ਨ ਯੂਨੀਅਨ ਦੇ ਆਗੂ ਸੋਮ ਸਿੰਘ, ਹਰਮੇਲ ਸਿੰਘ ਮਹਿਰੋਕ, ਜਗਦੇਵ ਸਿੰਘ ਬਾਹੀਆ, ਨਵੀਨ ਮਧਾਨ, ਸੁਰੇਸ਼ ਕੁਮਾਰ ਅਤੇ ਸੁਰਿੰਦਰ ਖੇੜਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਆਨਾਕਾਨੀ ਕਰ ਰਹੀ ਹੈ। ਸਰਕਾਰ ਦੇ ਨੁਮਾਇੰਦਿਆਂ ਨੇ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗਾਂ ਕਰਕੇ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ ਲੇਕਿਨ ਹੁਣ ਵਾਅਦਿਆਂ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਅਤੇ ਮੈਨੇਜਮੈਂਟ ਦੇ ਲਾਰਿਆਂ ਦੇ ਰੋਸ ਵਜੋਂ ਬਿਜਲੀ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਹੜਤਾਲ ਤੇ ਜਾਣ ਲਈ ਸਮੂਹਿਕ ਛੁੱਟੀ ਲਈ ਸੀ ਲੇਕਿਨ ਹੜਤਾਲ ਦਾ ਸਰਕਾਰ ਤੇ ਕੋਈ ਅਸਰ ਨਹੀਂ ਹੋਇਆ ਜਿਸ ਕਾਰਨ ਮੁਲਾਜ਼ਮਾਂ ਨੇ ਪੰਜ ਦਿਨਾਂ ਦੀ ਹੋਰ ਸਮੂਹਿਕ ਛੁੱਟੀ ਲੈਕੇ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ਅਤੇ 17 ਸਤੰਬਰ ਨੂੰ ਪਾਵਰਕਾਮ ਦੇ ਪਟਿਆਲਾ ਸਥਿਤ ਮੁੱਖ ਦਫਤਰ ਸਾਹਮਣੇ ਸੂਬਾ ਪੱਧਰੀ ਧਰਨਾ ਦੇਕੇ ਸਰਕਾਰ ਨੂੰ ਘੇਰਨ ਦਾ ਐਲਾਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਲੇਕਿਨ ਸਰਕਾਰ ਬਣਨ ਤੋਂ ਬਾਅਦ ਮੁੱਕਰ ਰਹੀ ਹੈ ਇਸ ਕਾਰਨ ਮੁਲਾਜ਼ਮਾਂ ਨੂੰ ਸੜਕਾਂ ਤੇ ਆਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।