ਡਾ. ਸੋਨਾ ਥਿੰਦ ਨੇ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਫ਼ਤਹਿਗੜ੍ਹ ਸਾਹਿਬ : 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਵੀ ਹੋਏ। ਅਹੁਦਾ ਸੰਭਾਲਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਸੋਨਾ ਥਿੰਦ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਸ਼ਾਲੀ ਸਮਝਦੇ ਹਨ ਕਿ ਉਹਨਾਂ ਨੂੰ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਉਹਨਾਂ ਨੂੰ ਪਹਿਲੀ ਵਾਰ ਬਤੌਰ ਡਿਪਟੀ ਕਮਿਸ਼ਨਰ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।
ਡਾ. ਥਿੰਦ ਨੇ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਹੋਰ ਹੁਕਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਵਾਉਣ ਨੂੰ ਤਰਜੀਹ ਦੇਣਗੇ ਅਤੇ ਲੋਕਾਂ ਦੇ ਮਸਲਿਆਂ ਦਾ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ। ਉਹਨਾਂ ਦਾ ਇਹ ਪੂਰਾ ਯਤਨ ਰਹੇਗਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕ ਕਿਸੇ ਵੀ ਕਾਰਨ ਨਿਰਾਸ਼ ਨਾ ਪਰਤਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਡੀਆ ਸਮਾਜ ਦਾ ਸ਼ੀਸ਼ਾ ਹੁੰਦਾ ਹੈ ਅਤੇ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੀਤੇ ਜਾਣ ਵਾਲੇ ਲੋਕ ਹਿਤਾਂ ਵਾਲੇ ਕੰਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਮੀਡੀਆ ਦਾ ਅਹਿਮ ਯੋਗਦਾਨ ਹੈ। ਉਹਨਾਂ ਨੇ ਮੀਡੀਆ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਜ਼ਿਲ੍ਹਾ ਬਨਾਉਣਾ ਚਾਹੁੰਦੇ ਹਨ ਅਤੇ ਇਸ ਕੰਮ ਲਈ ਮੀਡੀਆ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਇਸ ਮੌਕੇ ਉਹਨਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ ਆਨਰ ਵੀ ਦਿੱਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ. (ਡੀ) ਰਾਕੇਸ਼ ਯਾਦਵ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਇਸਮਤ ਵਿਜੈ ਸਿੰਘ, ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ, ਐਸ.ਡੀ.ਐਮ. ਬਸੀ ਪਠਾਣਾਂ ਸੰਜੀਵ ਕੁਮਾਰ, ਐਸ.ਡੀ.ਐਮ. ਅਮਲੋਹ ਕਿਰਨਵੀਰ ਸਿੰਘ, ਖੇਤਰੀ ਟਰਾਂਸਪੋਰਟ ਅਫਸਰ ਨਮਨ ਮੜਕਣ, ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।