ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਵਾਰਡਾਂ ਦੀ ਸਾਫ ਸਫਾਈ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਵੱਛ ਭਾਰਤ ਮੁਹਿੰਮ ਅਧੀਨ ਵੀ ਪਿੰਡਾਂ ਤੇ ਸ਼ਹਿਰਾਂ ਦੀ ਸਾਫ-ਸਫਾਈ ਵੀ ਯਕੀਨੀ ਬਣਾਈ ਜਾ ਰਹੀ ਹੈ। ਇਹ ਪ੍ਰਗਟਾਵਾ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਸ਼੍ਰੀ ਬਲਜਿੰਦਰ ਸਿੰਘ ਨੇ ਵਾਰਡ ਨੰਬਰ 05 ਵਿਖੇ ਗੰਦਾ ਪਾਣੀ ਖੜ੍ਹਨ ਦੀ ਆਈ ਸਮੱਸਿਆ ਸਬੰਧੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਗੰਦੇ ਪਾਣੀ ਦੀ ਨਿਕਾਸੀ ਵਿੱਚ ਕੁਝ ਤਕਨੀਕੀ ਖਾਮੀਆਂ ਆ ਗਈਆਂ ਸਨ ਪ੍ਰੰਤੂ ਜਿਵੇਂ ਹੀ ਇਸ ਬਾਰੇ ਉਨ੍ਹਾਂ ਦੇ ਧਿਆਨ ਵਿੱਚ ਮਾਮਲਾ ਆਇਆ ਤਾਂ ਉਨ੍ਹਾਂ ਨੇ ਤੁਰੰਤ ਨਗਰ ਕੌਂਸਲ ਦੀ ਟੀਮ ਭੇਜ ਕੇ ਵਾਰਡ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਕਰਵਾ ਦਿੱਤੀ।
ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਨਾਗਰਿਕਾਂ ਦੀ ਸਹੂਲਤ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਨਗਰ ਕੌਂਸਲ ਦੀ ਟੀਮ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਦੀ ਸਹੂਲਤ ਲਈ ਨਗਰ ਕੌਂਸਲ ਦੀਆਂ ਟੀਮਾਂ ਘਰ-ਘਰ ਕੂੜਾ ਇਕੱਤਰ ਕਰਨ ਲਈ ਜਾ ਰਹੀਆਂ ਹਨ ਅਤੇ ਸੀਵਰੇਜ ਪਾਈਪਾਂ ਵਿੱਚ ਜੇਕਰ ਕਿਸੇ ਕਿਸਮ ਦੀ ਲੀਕੇਜ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਉਸ ਦਾ ਹੱਲ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਨਗਰ ਕੌਂਸਲ ਵੱਲੋਂ ਲੋਕਾਂ ਦੀ ਸਹੂਲਤ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ, ਉਸੇ ਤਰ੍ਹਾਂ ਆਮ ਲੋਕ ਵੀ ਨਗਰ ਕੌਂਸਲ ਨੂੰ ਸਹਿਯੋਗ ਜ਼ਰੂਰ ਦੇਣ।
ਉਨ੍ਹਾਂ ਕਿਹਾ ਕਿ ਜੇਕਰ ਅਮਲੋਹ ਦੇ ਕਿਸੇ ਹਿੱਸਾ ਵਿੱਚੋਂ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਤੁਰੰਤ ਨਗਰ ਕੌਂਸਲ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਸਮੱਸਿਆ ਦਾ ਫੌਰੀ ਹੱਲ ਕੀਤਾ ਜਾ ਸਕੇ।