ਚੰਡੀਗੜ੍ਹ : ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਸੋਮਵਾਰ ਨੂੰ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ।
ਇਸ ਦੌਰਾਨ ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਰਾਹੀਂ ਸਮਾਜ ਦੇ ਹਰ ਵਰਗ ਖ਼ਾਸ ਕਰ ਕੇ ਕਿਸਾਨਾਂ ਅਤੇ ਕਮਜ਼ੋਰ ਵਰਗ ਦੀ ਭਲਾਈ ਦੀ ਵੱਡੀ ਸੰਭਾਵਨਾ ਹੈ। ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।