Friday, September 20, 2024

Health

ਡੇਂਗੂ ਤੋਂ ਬਚਾਅ ਲਈ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ : ਜ਼ਿਲ੍ਹਾ ਸਿਹਤ ਵਿਭਾਗ

September 19, 2024 03:47 PM
SehajTimes

ਮੋਹਾਲੀ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਘਰ ਦੇ ਅੰਦਰ ਅਤੇ ਬਾਹਰ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾ ਕੇ ਰੱਖੇ ਜਾਣ ਜਿਵੇਂ ਪੂਰੀਆਂ ਬਾਹਾਂ ਵਾਲੀਆਂ ਕਮੀਜ਼ਾਂ, ਪੈਂਟ/ਪਜਾਮੇ, ਸਲਵਾਰ, ਜੁਰਾਬਾਂ ਆਦਿ ਤਾਕਿ ਮੱਛਰ ਕੱਟ ਨਾ ਸਕੇ।  ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਕਿਹਾ ਕਿ ਡੇਂਗੂ ਜਿਹੇ ਮਾਰੂ ਬੁਖ਼ਾਰ ਤੋਂ ਬਚਾਅ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਕਰਕੇ ਡੇਂਗੂ ਬੁਖ਼ਾਰ ਹੋ ਜਾਂਦਾ ਹੈ, ਜੋ ਕਾਫ਼ੀ ਖ਼ਤਰਨਾਕ ਹੈ ਅਤੇ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਇਹ ਮੱਛਰ ਖੜੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ।

ਸਿਹਤ ਅਧਿਕਾਰੀਆਂ ਨੇ ਆਖਿਆ ਕਿ ਇਸ ਮੌਸਮ ਵਿਚ ਬੱਚਿਆਂ ਦਾ ਖ਼ਾਸ ਧਿਆਨ ਰੱਖਣ ਦੀ ਲੋੜ ਹੈ। ਬੱਚਿਆਂ ਦਾ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ ਖ਼ਾਸਕਰ ਸਕੂਲ ਭੇਜਣ ਸਮੇਂ, ਪਾਰਕ ਜਾਂ ਬਾਹਰ ਕਿਤੇ ਖੇਡਣ ਲਿਜਾਣ ਸਮੇਂ। ਜੁਰਾਬਾਂ ਸਮੇਤ ਬੰਦ ਜੁੱਤੀਆਂ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ  ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। ਪਰ ਲੋਕਾਂ ਨੂੰ ਖ਼ੁਦ ਵੀ ਸਾਵਧਾਨੀਆਂ ਵਰਤ ਕੇ ਆਪਣਾ ਬਚਾਅ ਕਰਨ ਦੀ ਲੋੜ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ।  

ਸਿਹਤ ਅਧਿਕਾਰੀਆਂ ਨੇ ਇਹ ਵੀ ਆਖਿਆ ਕਿ  ਜੇ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਆਖਿਆ ਕਿ  ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਰੋਜ਼ਾਨਾ ਘੱਟੋ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕੀਤਾ ਜਾਵੇ ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇੰਦੇਮੰਦ ਹੁੰਦਾ ਹੈ। ਤਰਲ ਪਦਾਰਥ ਜਿਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉਥੇ ਸਰੀਰ ਨੂੰ ਜ਼ਰੂਰੀ ਪੋਸ਼ਕ ਵੀ ਦਿੰਦੇ ਹਨ। ਮੱਛਰ ਤੋਂ ਬਚਾਅ ਲਈ ਸਪਰੇਅ, ਕਰੀਮ, ਕੌਇਲ, ਮੱਛਰਦਾਨੀ ਜਾਂ ਹੋਰ ਅਸਰਦਾਰ ਤਰੀਕੇ ਵਰਤੇ ਜਾ ਸਕਦੇ ਹਨ।  ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

Have something to say? Post your comment

 

More in Health

ਸਰਕਾਰ ਵੱਲੋਂ ਸਰਕਾਰੀ ਰੇਟਾਂ ’ਤੇ ਸਕੈਨ ਲਈ ਨਿੱਜੀ ਸਕੈਨ ਸੈਂਟਰ ਇੰਪੈਨਲ ਕੀਤੇ ਹੋਏ ਹਨ : ਸਿਵਲ ਸਰਜਨ ਡਾ. ਰੇਨੂ ਸਿੰਘ

ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ

ਹੜਤਾਲ ਦੌਰਾਨ ਆਮ ਆਦਮੀ ਕਲੀਨਿਕਾਂ ਅਤੇ ਐਮਰਜੈਂਸੀ ਵਿਭਾਗਾਂ ਵਿਚ ਸਿਹਤ ਸੇਵਾਵਾਂ ਜਾਰੀ

ਮੈਡੀਕਲ ਸੈਂਟਰ ਵਿੱਚ ਗਰਭਵਤੀ ਡਾਕਟਰ 'ਤੇ ਹਮਲਾ, ਪੁਲੀਸ ਵਲੋਂ ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਪਲਾਸ਼ਕਾ ਯੂਨੀਵਰਸਿਟੀ ਵਿਖੇ ਕੋਵਿਡ ਸਬੰਧੀ ਕੀਤਾ ਗਿਆ ਸਰਵੇ

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਮੁਫਤ ਹੋਮਿਓਪੈਥਿਕ ਮੈਡੀਕਲ ਚੈਕਅਪ ਕੈਂਪ ਲਗਾਇਆ

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ: ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ : ਡਾ ਬਲਬੀਰ ਸਿੰਘ