ਡੇਰਾਬੱਸੀ : ਪਰਾਲੀ ਨੂੰ ਅੱਗ ਲਗਾਏ ਬਿਨਾਂ ਉਸ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਭਲਕੇ ਡੇਰਾਬੱਸੀ (ਲੇਹਲੀ) ਵਿਖੇ ਅਜਿਹੇ 50 ਦੇ ਕਰੀਬ ਕਿਸਾਨਾਂ ਨੂੰ ਸ਼ੁੱਕਰਵਾਰ ਨੂੰ ਸਨਮਾਨਿਤ ਕਰੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜੀਨੀਅਰ ਰਣਤੇਜ ਸ਼ਰਮਾ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਕਰਨਗੇ ਜਦਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਸਮਾਗਮ ਦੀ ਪ੍ਰਧਾਨਗੀ ਕਰਨਗੇ। ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਕਿਸਾਨ ਨੂੰ ਸਰਟੀਫਿਕੇਟ, ਯਾਦਗਾਰੀ ਚਿੰਨ੍ਹ ਅਤੇ ਇੱਕ ਸ਼ਾਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਪ੍ਰੋਗਰਾਮ ਨਾਹਰ ਇੰਡਸਟਰੀਅਲ ਯੂਨਿਟ, ਪਿੰਡ ਲੇਹਲੀ, ਡੇਰਾਬੱਸੀ ਵਿਖੇ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਦੇ ਸਨਮਾਨ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਖ਼ਤਰਿਆਂ ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਮੁਹਿੰਮ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਦੇ ਪ੍ਰਬੰਧਨ ਲਈ ਕਾਫੀ ਮਸ਼ੀਨਰੀ ਹੈ ਜੋ ਰਾਜ ਸਰਕਾਰ ਵੱਲੋਂ ਇਨ-ਸੀਟੂ ਅਤੇ ਐਕਸ-ਸੀਟੂ ਸਕੀਮਾਂ ਤਹਿਤ ਮੁਹੱਈਆ ਕਰਵਾਈ ਗਈ ਹੈ।