ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਬਾਬਾ ਸੁੱਖਾ ਸਿੰਘ ਕਲੋਨੀ ਨਾਲ ਸਬੰਧਤ ਸ਼ਿਕਾਇਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਸੁੱਖਾ ਸਿੰਘ ਕਾਲੌਨੀ ਬਾਰੇ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਪੁਲਿਸ ਨੂੰ ਪ੍ਰਾਪਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਪੁਲਿਸ ਤੁਰੰਤ ਆਪਣੀ ਜਾਂਚ ਸ਼ੁਰੂ ਕਰਕੇ ਕਥਿਤ ਤੌਰ ਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਕਥਿਤ ਤੌਰ ਤੇ ਪੁਲਿਸ ਤੇ ਦੋਸ਼ ਲਗਾਉਣ ਵਾਲੇ ਨਾਹਰ ਸਿੰਘ ਬਾਰੇ ਉਸ ਦੇ ਪਾਰਿਵਾਰਕ ਮੈਂਬਰਾਂ ਤੇ ਮੁਹੱਲਾ ਵਾਸੀਆਂ ਵੱਲੋਂ ਪੁਲਿਸ ਕੋਲ ਸ਼ਿਕਾਇਤਾਂ ਦਰਜ਼ ਕਰਵਾਈਆਂ ਗਈਆਂ ਹਨ ਕਿ ਇਹ ਵਿਅਕਤੀ ਕਥਿਤ ਤੌਰ ਤੇ ਝੂਠੀਆਂ ਸ਼ਿਕਾਇਤਾਂ ਕਰਨ ਦਾ ਆਦੀ ਹੈ।
ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਕਿਹਾ ਕਿ ਪੁਲਿਸ ਆਮ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜ਼ੀਹ ਹੈ। ਜੇਕਰ ਆਮ ਲੋਕਾਂ ਨਾਲ ਕਿਸੇ ਕਿਸਮ ਦੀ ਕੋਈ ਵਧੀਕੀ ਹੁੰਦੀ ਹੈ ਤਾਂ ਪੁਲਿਸ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਝੂਠੀਆਂ ਸ਼ਿਕਾਇਤਾਂ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਪਹਿਲਾਂ ਹੀ ਡਿਊਟੀ ਕਾਰਨ 24 ਘੰਟੇ ਡਿਊਟੀ ਤੇ ਤਾਇਨਾਤ ਰਹਿੰਦੇ ਹਨ ਅਤੇ ਪੁਲਿਸ ਨੂੰ ਝੂਠੀਆਂ ਸ਼ਿਕਾਇਤਾਂ ਕਰਕੇ ਬਦਨਾਮ ਕਰਨ ਵਾਲਿਆਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ।