ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਸੁਨਾਮ ਦੇ ਸਾਬਕਾ ਚੇਅਰਮੈਨ ਜਥੇਦਾਰ ਪ੍ਰਿਤਪਾਲ ਸਿੰਘ ਹਾਂਡਾ ਨੇ ਕਿਹਾ ਕਿ ਦਿੱਲੀ ਸਰਕਾਰ ਵਿੱਚ ਕਿਸੇ ਸਿੱਖ ਨੂੰ ਮੰਤਰੀ ਨਾ ਬਣਾਕੇ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਰਵਿੰਦ ਕੇਜਰੀਵਾਲ ਤਿੰਨ ਵਾਰ ਦਿੱਲੀ ਦੇ ਮੁੱਖ ਮੰਤਰੀ ਬਣੇ ਅਤੇ ਹੁਣ ਅਸਤੀਫ਼ੇ ਤੋਂ ਬਾਅਦ ਬਣੀ ਮਹਿਲਾ ਮੁੱਖ ਮੰਤਰੀ ਆਤਿਸ਼ੀ ਮਾਨਰੇਲਾ ਮੰਤਰੀ ਮੰਡਲ ਵਿਚ ਵੀ ਕਿਸੇ ਸਿੱਖ ਚਿਹਰੇ ਨੂੰ ਮੰਤਰੀ ਨਹੀਂ ਬਣਾਇਆ ਗਿਆ। ਐਤਵਾਰ ਨੂੰ ਸੁਨਾਮ ਵਿਖੇ ਜਾਰੀ ਬਿਆਨ ਵਿੱਚ ਅਕਾਲੀ ਆਗੂ ਜਥੇਦਾਰ ਪ੍ਰਿਤਪਾਲ ਸਿੰਘ ਹਾਂਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਆਪ ਨੂੰ ਧਰਮ ਨਿਰਪੱਖ ਹੋਣ ਦਾ ਢੰਡੋਰਾ ਪਿੱਟ ਰਹੀ ਹੈ ਲੇਕਿਨ ਘੱਟ ਗਿਣਤੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਪ੍ਰਤੀਨਿਧਤਾ ਨਾ ਦੇਕੇ ਸਿੱਖ ਸੋਚ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਨੇ ਘੱਟ ਗਿਣਤੀ ਵਿੱਚ ਹੁੰਦਿਆਂ ਦੇਸ਼ ਦੀ ਆਜ਼ਾਦੀ ਤੋਂ ਲੈਕੇ ਮੁਲਕ ਦੇ ਹਿੱਤਾਂ ਦੀ ਰਾਖੀ ਲਈ ਮੋਹਰੀ ਹੋ ਕੇ ਲੜਾਈਆਂ ਲੜੀਆਂ ਹਨ ਲੇਕਿਨ ਬਾਵਜੂਦ ਇਸਦੇ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਜੁੰਡਲੀ ਸਿੱਖ ਭਾਈਚਾਰੇ ਨੂੰ ਅਣਡਿੱਠ ਕਰ ਰਹੀ ਹੈ। ਸਾਬਕਾ ਚੇਅਰਮੈਨ ਹਾਂਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਆਤਿਸ਼ੀ ਮਾਨਰੇਲਾ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਵਿੱਚੋਂ ਵੀ ਦੂਰ ਰੱਖਿਆ ਗਿਆ ਹੈ, ਅਜਿਹਾ ਵਰਤਾਰਾ ਸਿੱਖ ਵਿਰੋਧੀ ਚਿਹਰੇ ਨੂੰ ਹੋਰ ਵੀ ਬੇਨਕਾਬ ਕਰਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਹਰਿਆਣਾ ਦੀ ਜਨਤਾ ਨੂੰ ਸੁਚੇਤ ਕਰਦਿਆਂ ਕਿਹਾ ਕਿ ਝੂਠ ਅਤੇ ਫਰੇਬ ਦੀ ਰਾਜਨੀਤੀ ਕਰਨ ਵਿੱਚ ਮਾਹਿਰ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਬਹਿਕਾਵੇ ਵਿੱਚ ਨਾ ਆਇਓ, ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕਰ ਦਿੱਤਾ ਹੈ।