ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦੋ ਟੁੱਕ ਕਿਹਾ ਕਿ ਜਥੇਬੰਦੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਘਰਾਂ ਤੇ ਸੂਦਖੋਰਾਂ ਨੂੰ ਕਬਜ਼ੇ ਨਹੀਂ ਕਰਨ ਦੇਵੇਗੀ। ਜਥੇਬੰਦੀ ਦਾ ਤਰਕ ਹੈ ਕਿ ਸੂਦਖੋਰ ਲੋਕ ਗਰੀਬੀ ਦਾ ਫਾਇਦਾ ਉਠਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਬਜ਼ਬਾਗ ਦਿਖਾਕੇ ਕਰਜ਼ਾ ਦਿੰਦੀਆਂ ਹਨ ਜਿਹੜਾ ਉਤਾਰਨਾ ਮੁਸ਼ਕਿਲ ਹੋ ਰਿਹਾ ਹੈ। ਸੋਮਵਾਰ ਨੂੰ ਉਗਰਾਹਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੋਈ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਸੂਦਖੋਰ ਲੋਕ ਕਿਸਾਨਾਂ ਅਤੇ ਮਜ਼ਦੂਰਾਂ ਦੇ ਘਰਾਂ ਨੂੰ ਕੁਰਕ ਕਰਨ ਲਈ ਅਦਾਲਤਾਂ ਤੋਂ ਵਾਰੰਟ ਕਬਜ਼ੇ ਲੈਣ ਤੋਂ ਬਾਜ਼ ਆਉਣ। ਜਥੇਬੰਦੀ ਕਿਸੇ ਵੀ ਕਿਸਾਨ ਮਜ਼ਦੂਰ ਦੇ ਘਰ ਤੇ ਕਬਜ਼ਾ ਨਹੀਂ ਕਰਨ ਦੇਵੇਗੀ। ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਸਾਨੀ ਮਸਲਿਆਂ ਨੂੰ ਲੈਕੇ ਆਉਣ ਵਾਲੇ ਸੰਘਰਸ਼ਾਂ ਦੀ ਰੂਪ ਰੇਖਾ ਉਲੀਕੀ ਗਈ ਹੈ। ਸਰਕਾਰ ਵੱਲੋਂ ਜਾਰੀ ਖੇਤੀ ਨੀਤੀ ਦੇ ਖਰੜੇ ਤੇ ਵੀ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਖੇਤੀਬਾੜੀ ਨੀਤੀ ਲੋਕਾਂ ਨੂੰ ਛੱਡਕੇ ਜੋਕਾਂ ਪੱਖੀ ਹੋਈ ਤਾਂ ਆਉਣ ਵਾਲੇ ਸਮੇਂ ਵਿੱਚ ਸਖਤ ਸੰਘਰਸ਼ ਕੀਤੇ ਜਾਣਗੇ ਅਤੇ ਲੋਕ ਪੱਖੀ ਖੇਤੀ ਨੀਤੀ ਬਣਾਉਣ ਤੱਕ ਆਰ ਪਾਰ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ 25 ਸਤੰਬਰ ਨੂੰ ਕਣਕਵਾਲ ਭੰਗੂਆਂ ਵਿਖੇ ਕਿਸਾਨ ਦੇ ਘਰ ਦਾ ਕਬਜ਼ਾ ਕਿਸੇ ਵੀ ਕੀਮਤ ਤੇ ਨਹੀਂ ਹੋਣ ਦਿੱਤਾ ਜਾਵੇਗਾ। ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ,ਪਾਲ ਸਿੰਘ ਦੌਲੇਵਾਲਾ, ਮਨੀ ਸਿੰਘ ਭੈਣੀ, ਯਾਦਵਿੰਦਰ ਸਿੰਘ ਚੱਠਾ,ਮਹਿੰਦਰ ਸਿੰਘ ਨਮੋਲ, ਜੀਤ ਸਿੰਘ ਗੰਢੂਆਂ ਨੇ ਵੀ ਸੰਬੋਧਨ ਕੀਤਾ।