ਫ਼ਤਹਿਗੜ੍ਹ ਸਾਹਿਬ : ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਇਨ ਸੀਟੂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਬਾਗ ਸਿਕੰਦਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਖੇਤੀ ਮਾਹਰਾਂ ਨੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਖੇਤੀਬਾੜੀ ਅਫਸਰ ਬਸੀ ਪਠਾਣਾ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਕਰਕੇ ਜਮੀਨ ਵਿੱਚੋਂ ਜੈਵਿਕ ਕਾਰਬਨ ਦਾ ਮਾਦਾ ਘੱਟ ਜਾਂਦਾ ਹੈ, ਜਿਸ ਕਾਰਨ ਜਮੀਨ ਕਠੋਰ ਅਤੇ ਕਲੱਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਮੀਨ ਵਿੱਚ ਪਾਣੀ ਜਜਬ ਕਰਨ ਦੀ ਸ਼ਕਤੀ ਵੀ ਘੱਟ ਹੋ ਜਾਂਦੀ ਹੈ। ਮਨੀਸ਼ ਕੁਮਾਰ ਸ਼ਰਮਾ ਖੇਤੀਬਾੜੀ ਉਪ ਨਰੀਖਕ ਬਸੀ ਪਠਾਣਾ ਨੇ ਦੱਸਿਆ ਕਿ ਪਰਾਲੀ ਨੂੰ ਜਮੀਨ ਵਿੱਚ ਰਲਾਉਣ ਕਾਰਨ ਫਸਲਾਂ ਨੂੰ ਖਾਦਾਂ ਦੀ ਘੱਟ ਲੋੜ ਪੈਂਦੀ ਹੈ, ਜਿਸ ਕਾਰਨ ਕਿਸਾਨਾਂ ਦੇ ਖਰਚੇ ਘਟਦੇ ਹਨ ਅਤੇ ਆਮਦਨ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕੰਬਾਇਨ ਪਿੱਛੇ ਸਟਰਾਅ ਮੈਨੇਜਮੈਂਟ ਸਿਸਟਮ ਲਗਾ ਕੇ ਹੈਪੀ ਸੀਡਰ/ਸਰਫੇਸ ਸੀਡਰ ਤੇ ਸਮਾਰਟ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਮਲਚ ਦੇ ਤੌਰ ਤੇ ਵਰਤ ਕੇ ਜਮੀਨ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ।
ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਹਰਮਨਜੀਤ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਰਲਾਉਣ ਨਾਲ ਲਗਭਗ ਇੱਕ ਟਨ ਪਰਾਲੀ ਵਿੱਚੋਂ 5.5 ਕਿਲੋ ਨਾਈਟਰੋਜਨ, 1.2 ਕਿਲੋ ਫਾਸਫੋਰਸ, 2.5 ਕਿਲੋ ਪੋਟਾਸ਼ੀਅਮ, 1.2 ਕਿਲੋ ਗੰਧਕ ਅਤੇ 400 ਕਿਲੋ ਜੈਵਿਕ ਕਾਰਬਨ ਪ੍ਰਾਪਤ ਹੁੰਦੀ ਹੈ। ਪਰਾਲੀ ਨਾ ਸਾੜਨ ਕਰਕੇ ਵਾਤਾਵਰਣ ਪ੍ਰਦੂਸ਼ਤ ਨਹੀਂ ਹੁੰਦਾ ਅਤੇ ਮਨੁੱਖੀ ਸਿਹਤ ਵੀ ਠੀਕ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤੀ ਮਸ਼ੀਨਾ ਸਬਸਿਡੀ ਤੇ ਦਿੱਤੀਆਂ ਗਈਆਂ ਹਨ, ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਹਾੜੀ ਦੀਆਂ ਫਸਲਾਂ ਦੀ ਬਿਜਾਈ ਅਤੇ ਖਾਦ ਤੇ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਮਾਨਵ ਵਿਕਾਸ ਸੰਸਥਾ ਵੱਲੋਂ ਸਿਮਰਜੀਤ ਸਿੰਘ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।