ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵ ਨਿਯੁਕਤ ਡੀਆਈਜੀ ਮਨਦੀਪ ਸਿੰਘ ਸਿੱਧੂ ਨਤਮਸਤਕ ਹੋਏ। ਡੀਆਈਜੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਅਹੁਦੇ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਜੀ ਆਇਆ ਆਖਿਆ ਅਤੇ ਯਾਦਗਾਰੀ ਤਸਵੀਰ ਤੇ ਸਿਰੋਪਾਓ ਭੇਂਟ ਕੀਤਾ। ਗੱਲਬਾਤ ਕਰਦਿਆਂ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਬਤੌਰ ਐਸਐਸਪੀ ਪਟਿਆਲਾ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹਮੇਸ਼ਾ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੀ ਅਪਾਰ ਕਿਰਪਾ ਰਹੀ ਹੈ ਅਤੇ ਹੁਣ ਡੀਆਈਜੀ ਦੇ ਅਹਿਮ ਅਹੁਦੇ ਦੀ ਜਿੰਮੇਵਾਰੀ ਵੀ ਗੁਰੂ ਸਾਹਿਬ ਦਾ ਅਸ਼ੀਰਵਾਦ ਹੈ। ਇਸ ਦੌਰਾਨ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਗੁਰਦੁਆਰਾ ਸਾਹਿਬ ਦੇ ਦਫਤਰ ਵਿਚ ਮੌਜੂਦ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਵੀ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਸਭ ਤੋਂ ਵੱਡੀ ਪਹਿਲ ਅਮਨ ਕਾਨੂੰਨ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣਾ ਹੈ ਜਿਹੜੀ ਉਨ੍ਹਾਂ ਦੀ ਤਰਜੀਹ ਰਹੀ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ’ਚ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਭਾਈ ਦਰਸ਼ਨ ਸਿੰਘ ਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।