ਐਸ ਏ ਐਸ ਨਗਰ : ਬੁੱਧਵਾਰ ਦੇਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਿਲ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅੱਜ ਵੀ ਛੁਟੀ ਨਹੀਂ ਮਿਲੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਹਨਾਂ ਨੂੰ ਹੁਣੇ ਕੁੱਝ ਹੋਰ ਸਮਾਂ ਹਸਪਤਾਲ ਵਿੱਚ ਰਹਿਣਾ ਪੈ ਸਕਦਾ ਹੈ। ਇਸ ਸੰਬੰਧੀ ਭਾਵੇਂ ਮੁੱਖ ਮੰਤਰੀ ਦਫਤਰ ਵਲੋਂ ਕਿਹਾ ਜਾ ਰਿਹਾ ਹੈ ਕਿ ਨਿਯਮਿਤ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਹੋਏ ਮੁੱਖ ਮੰਤਰੀ ਦੀ ਸਿਹਤ ਹੁਣ ਠੀਕ ਹੈ ਪਰੰਤੂ ਉਹਨਾਂ ਦੇ ਕੁੱਝ ਹੋਰ ਟੈਸਟ ਹੋਣੇ ਹਨ ਇਸ ਲਈ ਉਹਨਾਂ ਨੂੰ ਥੋੜ੍ਹਾ ਸਮਾਂ ਹਸਪਤਾਲ ਵਿੱਚ ਰਹਿਣਾ ਪੈ ਸਕਦਾ ਹੈ।
ਇਸ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਸ੍ਰ਼ ਬਿਕਰਮ ਸਿੰਘ ਮਜੀਠੀਆ ਵਲੋਂ ਬੀਤੀ ਸ਼ਾਮ ਟਵੀਟ ਕਰਕੇ ਦਾਅਵਾ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੀਵਰ ਦੀ ਗੰਭੀਰ ਬਿਮਾਰੀ ਤੋਂ ਪੀੜਤ ਹਨ ਅਤੇ ਉਹਨਾਂ ਦਾ ਲੀਵਰ ਟ੍ਰਾਂਸਪਲਾਂਟ ਹੋਣਾ ਹੈ ਜਿਸ ਕਰਕੇ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕ ਨਵੀਂ ਚਰਚਾ ਛਿੜ ਗਈ ਹੈ। ਸ੍ਰ਼ ਮਜੀਠੀਆ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੀ ਸਿਹਤ ਬਾਰੇ ਸੂਬੇ ਦੀ ਜਨਤਾ ਨੂੰ ਪੂਰਾ ਅਪਡੇਟ ਮਿਲਣਾ ਚਾਹੀਦਾ ਹੈ।
ਦੂਜੇ ਪਾਸੇ ਫੋਰਟਿਸ ਹਸਪਤਾਲ ਵਲੋਂ ਮੁੱਖ ਮੰਤਰੀ ਦੀ ਸਿਹਤ ਬਾਰੇ ਹੁਣ ਤਕ ਕੋਈ ਵੀ ਬੁਲੇਟਿਨ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਇਸ ਸੰਬਧੀ ਹਸਪਤਾਲ ਵਲੋਂ ਇਹੀ ਕਿਹਾ ਜਾ ਰਿਹਾ ਹੈ ਕਿ ਕੋਈ ਵੀ ਜਾਣਕਾਰੀ ਮੁੱਖ ਮੰਤਰੀ ਦਫਤਰ ਵਲੋਂ ਹੀ ਜਾਰੀ ਕੀਤੀ ਜਾਵੇਗੀ। ਅਜਿਹਾ ਹੋਣ ਕਾਰਨ ਵੀ ਇਹ ਭੰਬਲਭੁਸਾ ਪੈਦਾ ਹੁੰਦਾ ਹੈ ਕਿ ਸ੍ਰ਼ ਮਜੀਠੀਆ ਵਲੋਂ ਮੁੱਖ ਮੰਤਰੀ ਦੀ ਸਿਹਤ ਬਾਰੇ ਕੀਤਾ ਗਿਆ ਖੁਲਾਸਾ ਸੱਚ ਤਾਂ ਨਹੀਂ ਹੈ?
ਇਸ ਸੰਬੰਧੀ ਹਸਪਤਾਲ ਵਲੋਂ ਇਹ ਵੀ ਨਹੀਂ ਦੱਸਿਆ ਜਾ ਰਿਹਾ ਕਿ ਮੁੱਖ ਮੰਤਰੀ ਨੂੰ ਕਿਹੜੇ ਵਾਰਡ ਵਿੱਚ ਰੱਖਿਆ ਗਿਆ ਹੈ ਅਤੇ ਕਿਹੜੇ ਮਾਹਿਰ ਡਾਕਟਰ ਉਹਨਾਂ ਦਾ ਇਲਾਜ ਕਰ ਰਹੇ ਹਨ। ਮੁੱਖ ਮੰਤਰੀ ਦਫਤਰ ਵਲੋਂ ਵੀ ਇਸ ਮਾਮਲੇ ਵਿੱਚ ਪੂਰੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਚਰਚਾ ਦਾ ਬਾਜਾਰ ਭਖ ਗਿਆ ਹੈ।
ਜਿਕਰਯੋਗ ਹੈ ਕਿ ਬੁੱਧਵਾਰ ਦੇਰ ਰਾਤ ਮੁੱਖ ਮੰਤਰੀ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਵੇਲੇ ਮੁੱਖ ਮੰਤਰੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਉਸ ਵੇਲੇ ਉਹਨਾਂ ਦਾ ਬਲੱਡ ਪ੍ਰੈਸ਼ਰ ਜਿਆਦਾ ਵਧਿਆ ਹੋਇਆ ਸੀ ਅਤੇ ਉਹਨਾਂ ਨੂੰ ਆਈ ਸੀ ਯੂ ਵਿੱਚ ਲਿਜਾਇਆ ਗਿਆ ਸੀ।