ਜ਼ੀਰਕਪੁਰ/ਐਸ ਏ ਐਸ ਨਗਰ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੀ ਗਈ "ਭੋਜਨ ਹੈਲਪਲਾਈਨ" ਦਾ ਅੱਜ ਐੱਸ.ਪੀ (ਦਿਹਾਤੀ) ਰਵਜੋਤ ਕੌਰ ਨੇ ਜ਼ੀਰਕਪੁਰ ਅਤੇ ਢਕੋਲੀ ਥਾਣਾ ਖੇਤਰਾਂ ਵਿੱਚ ਆਗਾਜ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਪੰਜਾਬ ਵਿਚ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਆਪਣੀ ਭੁੱਖ ਮਿਟਾਉਣ ਲਈ ਭੋਜਨ ਲੈਣ ਵਾਸਤੇ ਹੈਲਪਲਾਈਨ ਨੰਬਰ 181 ਅਤੇ 112 ਉਤੇ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਵਿਭਾਗ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਪੀ (ਦਿਹਾਤੀ) ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਕੋਰੋਨਾ ਦੇ ਗਰੀਬ ਅਤੇ ਬੇਸਹਾਰਾ ਮਰੀਜਾਂ ਦੀ ਖਾਣ-ਪੀਣ ਦੀ ਜ਼ਰੂਰਤ ਨੂੰ ਮੁੱਖ ਰੱਖਦਿਆਂ ਮੁੱਖਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਕਿਸੇ ਨੂੰ ਵੀ ਭੁੱਖਾ ਨਹੀਂ ਸੌਣ ਦੇਵਾਂਗੇ ਦੇ ਮੰਤਵ ਨਾਲ਼ 181 ਅਤੇ 112 ਹੈਲਪਲਾਈਨ ਦੀ ਸ਼ੁਰਵਾਤ ਕੀਤੀ ਗਈ ਹੈ ਜਿਸ ਦੇ ਤਹਿਤ ਹੈਲਪਲਾਈਨ ਤੇ ਗਰੀਬ ਅਤੇ ਬੇਸਹਾਰਾ ਕੋਵਿਡ ਮਰੀਜ ਕਾਲ ਕਰ ਸਕਦੇ ਹਨ ਅਤੇ ਪੰਜਾਬ ਪੁਲੀਸ ਉਨ੍ਹਾਂ ਦੇ ਘਰਾਂ ਤੱਕ ਤਿਆਰ ਭੋਜਨ ਮੁਫ਼ਤ ਮੁਹੱਈਆ ਕਰਵਾਏਗੀ। ਡਾ. ਗਰੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹੁਕਮਾਂ ਉਤੇ 2020 ਵਿੱਚ ਕੋਵਿਡ ਦੀ ਪਹਿਲੀ ਲਹਿਰ ਦੌਰਾਨ ਵੀ ਪੰਜਾਬ ਨੇ 112 ਐਮਰਜੈਂਸੀ ਹੈਲਪਲਾਈਨ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਉਣ ਲਈ ਹੈਲਪਲਾਈਨ ਨੰਬਰ ਵਿਚ ਤਬਦੀਲ ਕਰ ਦਿੱਤਾ ਸੀ। ਵਿਭਾਗ ਨੇ ਬੀਤੇ ਸਾਲ ਅਪ੍ਰੈਲ-ਜੂਨ ਮਹੀਨੇ ਦੌਰਾਨ ਗੈਰ-ਸਰਕਾਰੀ ਸੰਸਥਾਵਾਂ, ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਧਾਰਮਿਕ ਸੰਸਥਾਵਾਂ ਦੀ ਸਰਗਰਮ ਭਾਈਵਾਲੀ ਨਾਲ ਪੰਜਾਬ ਦੇ ਲੋਕਾਂ ਤੱਕ ਪੱਕਿਆ ਹੋਇਆ ਅਤੇ ਸੁੱਕਾ ਰਾਸ਼ਨ ਸਫਲਤਾ ਨਾਲ ਪਹੁੰਚਾਇਆ ਸੀ। ਇਸ ਨੇਕ ਕਾਰਜ ਵਿੱਚ ਸੇਵਾ ਦੀ ਭਾਵਨਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਪੁਲੀਸ ਦੇ ਬਹੁਤ ਸਾਰੇ ਮੁਲਾਜ਼ਮਾਂ ਨੇ ਆਪਣੀਆਂ ਜੇਬਾਂ ਵਿੱਚੋਂ ਯੋਗਦਾਨ ਪਾਇਆ ਸੀ ਅਤੇ ਸ਼ਹਿਰ ਵਿਚ ਕਮਿਊਨਿਟੀ ਕਿਚਨ ਸਥਾਪਤ ਕਰਨ ਦੇ ਨਾਲ-ਨਾਲ ਅਤੇ ਇੱਥੋਂ ਤੱਕ ਇਸ ਉਦੇਸ਼ ਦੀ ਖਾਤਰ ਆਪਣੇ ਘਰਾਂ ਵਿਚ ਵੀ ਭੋਜਨ ਤਿਆਰ ਕੀਤਾ ਸੀ। ਇਸ ਮੌਕੇ ਡੀਐਸਪੀ ਗੁਰਪ੍ਰੀਤ ਸਿੰਘ ਬੈਂਸ, ਡੀਐਸਪੀ ਜ਼ੀਰਕਪੁਰ ਅਮਰੋਜ਼ ਸਿੰਘ ਅਤੇ ਐਸਐਚਓ ਢਕੋਲੀ ਦੀਪਇੰਦਰ ਸਿੰਘ ਬਰਾੜ ਮੌਜੂਦ ਸਨ।