ਸੁਨਾਮ : ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ 1158 ਨਵੇਂ ਸਹਾਇਕ ਪ੍ਰੋਫੈਸਰਾਂ ਦੀ ਕੀਤੀ ਜਾ ਰਹੀ ਤੈਨਾਤੀ ਕਾਰਨ ਰੁਜ਼ਗਾਰ ਖੁੱਸਣ ਦੇ ਡਰੋਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਗੈਸਟ ਫੈਕਲਟੀ ਸੰਯੁਕਤ ਫਰੰਟ ਪੰਜਾਬ ਦੇ ਸੱਦੇ ਤਹਿਤ ਮੰਗਲਵਾਰ ਨੂੰ ਸਮੂਹਿਕ ਛੁੱਟੀ ਲੈਕੇ ਮੁੱਖ ਗੇਟ ਤੇ ਧਰਨਾ ਦੇਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਰੱਖਣ ਦੀ ਗਾਰੰਟੀ ਦਾ ਐਲਾਨ ਕਰੇ। ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਰਦਾਸ਼ਤ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਨੇ ਕਦੇ ਵੀ ਲੋਕ ਪੱਖੀ ਫ਼ੈਸਲੇ ਨਹੀਂ ਕੀਤੇ ਇੱਕ ਦੇ ਹੱਕ ਵਿੱਚ ਕਰਕੇ ਦੂਜੇ ਨੂੰ ਪ੍ਰੇਸ਼ਾਨੀ ਵਿੱਚ ਪਾਇਆ ਜਾ ਰਿਹਾ ਹੈ। ਅਜਿਹਾ ਵਰਤਾਰਾ ਮੌਜੂਦਾ ਸਮੇਂ ਸਾਹਮਣੇ ਆ ਰਿਹਾ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਹੱਕ ਲੈਣ ਲਈ ਵਿਉਂਤਬੰਦੀ ਨਾਲ ਸੰਘਰਸ਼ ਲੜਣੇ ਪੈਂਦੇ ਹਨ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਹਾਇਕ ਪ੍ਰੋਫੈਸਰਾਂ ਦੇ ਹੱਕ ਵਿੱਚ ਵੱਡੀ ਲੜਾਈ ਵਿੱਢਣ ਤੋਂ ਪਿੱਛੇ ਨਹੀਂ ਹਟੇਗੀ। ਕਿਸੇ ਇੱਕ ਵੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਦੀ ਨੌਕਰੀ ਨਹੀਂ ਜਾਣ ਦੇਵਾਂਗੇ। ਗੈਸਟ ਫੈਕਲਟੀ ਯੂਨੀਅਨ ਦੇ ਆਗੂਆਂ ਕੁਲਦੀਪ ਸਿੰਘ ਬਾਹੀਆ, ਰਮਨਦੀਪ ਸਿੰਘ ਅਤੇ ਸੰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, ਮੌਜੂਦਾ ਸਰਕਾਰ ਵਿੱਚ ਮੰਤਰੀ ਅਤੇ ਵਿਧਾਇਕ ਕੁੱਝ ਸਾਲ ਪਹਿਲਾਂ ਤੱਕ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਪੱਕੀ ਨੌਕਰੀ ਲਈ ਹਮਾਇਤ ਕਰਦੇ ਆਏ ਹਨ ਅਤੇ ਅੱਜ ਜਦੋਂ ਇਹ ਖੁਦ ਸਰਕਾਰ ਵਿੱਚ ਆਏ ਹਨ ਤਾਂ ਦਹਾਕਿਆਂ ਤੋਂ ਨਿਗੂਣੀਆਂ ਤਨਖਾਹਾਂ ਤੇ ਕਾਰਜਸ਼ੀਲ ਮੁਲਾਜ਼ਮਾਂ ਦੇ ਪਰਿਵਾਰਾਂ ਤੇ ਖਤਰੇ ਦੀ ਤਲਵਾਰ ਲਟਕਾ ਦਿੱਤੀ ਹੈ। ਇਸ ਮੌਕੇ ਕਿਸਾਨ ਆਗੂ ਜਨਕ ਸਿੰਘ ਭੁਟਾਲ , ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਸਹਾਇਕ ਪ੍ਰੋਫੈਸਰ ਚਮਕੌਰ ਸਿੰਘ, ਧਰਮਿੰਦਰ ਸਿੰਘ, ਰਾਜਬੀਰ ਕੌਰ, ਪ੍ਰਭਜੀਤ ਕੌਰ ਭਰੂਰ, ਪਰਮਿੰਦਰ ਕੌਰ ਧਾਲੀਵਾਲ, ਮਨਪ੍ਰੀਤ ਕੌਰ ਹਾਂਡਾ, ਮੁਨੀਤਾ ਜੋਸ਼ੀ ਸਮੇਤ ਹੋਰ ਮੈਂਬਰ ਹਾਜ਼ਰ ਸਨ।