ਵਾਤਾਵਰਨ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ
ਮਾਮਲੇ ਦਾ ਸੁਖਾਵੇਂ ਢੰਗ ਨਾਲ ਹੱਲ ਕਰ ਕੇ ਬਾਕੀ ਪੰਜਾਬ ਸਾਹਮਣੇ ਮਿਸਾਲ ਕਾਇਮ ਕਰਨ ਲਈ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ 'ਤੇ ਜਾਣੂ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਪ੍ਰਦੂਸ਼ਣ ਨਹੀਂ ਫੈਲਾਉਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਪਲਾਂਟ ਮਾਲਕਾਂ ਨੇ ਸੂਬਾ ਸਰਕਾਰ ਨਾਲ ਲਿਖਤੀ ਸਮਝੌਤਾ ਕੀਤਾ ਹੈ ਕਿ ਉਨ੍ਹਾਂ ਦਾ ਪਲਾਂਟ ਵਾਤਾਵਰਨ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਣ ਦੇ ਨਿਯਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਪੂਰੀ ਤਰ੍ਹਾਂ ਨਾਲ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਸੂਬਾ ਸਰਕਾਰ ਨੂੰ ਸਹਿਯੋਗ ਕਰਨ ਲਈ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਸਕਾਰਾਤਮਕ ਪਹੁੰਚ ਸਦਕਾ ਪਿੰਡ ਵਾਸੀਆਂ ਨੇ ਸਰਕਾਰ ਦੇ ਕੰਮਕਾਜ ਵਿੱਚ ਪੂਰਨ ਤੌਰ ਉਤੇ ਜਨਤਕ ਸਹਿਯੋਗ ਕਰਨ ਦੀ ਨਵੀਂ ਮਿਸਾਲ ਕਾਇਮ ਕੀਤੀ। ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਛੇਤੀ ਹੀ ਪਿੰਡ ਵਿੱਚ ਹੋਣ ਵਾਲੇ ਖੇਡ ਮੇਲੇ ਵਿੱਚ ਸ਼ਿਰਕਤ ਕਰਨਗੇ।