ਸੁਨਾਮ : ਕਿਸਾਨੀ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਦੋਵਾਂ ਮੋਰਚਿਆਂ ਦੇ ਸੱਦੇ ਤਹਿਤ ਵੀਰਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਕਿਸਾਨਾਂ ਨੇ ਰੇਲ ਟਰੈਕ ਤੇ ਧਰਨਾ ਦੇਕੇ ਦੋ ਘੰਟਿਆਂ ਲਈ ਰੇਲ ਗੱਡੀਆਂ ਦੀ ਰਫ਼ਤਾਰ ਨੂੰ ਬਰੇਕਾਂ ਲਾਈਆਂ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਭਾਜਪਾ ਨੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ ਦਿਵਾਉਣ ਦੀ ਬਜਾਏ ਕਥਿਤ ਦੋਸ਼ੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਟਿਕਟਾਂ ਦੇ ਕੇ ਨਿਵਾਜਿਆ। ਰੇਲ ਟਰੈਕ ਤੇ ਧਰਨਾ ਦੇਕੇ ਬੈਠੇ ਵੱਡੀ ਗਿਣਤੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਹਰੀਗੜ੍ਹ ਅਤੇ ਜ਼ਿਲ੍ਹਾ ਆਗੂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ ਨੇ ਬੋਲਦਿਆਂ ਕਿਹਾ ਕਿ ਤਿੰਨ ਸਾਲ ਤੋਂ ਵੀ ਵਧੇਰੇ ਸਮਾਂ ਬੀਤ ਜਾਣ ਦੇ ਬਾਵਜੂਦ ਲਖੀਮਪੁਰ ਖੀਰੀ ਵਿੱਚ ਹੱਕ ਮੰਗਦੇ ਕਿਸਾਨਾਂ ਨੂੰ ਸ਼ਹੀਦ ਕੀਤੇ ਹੋ ਚੁੱਕਾ ਹੈ ਲੇਕਿਨ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਤੋਂ ਇਨਸਾਫ਼ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਉਲਟਾ ਕਿਸਾਨਾਂ ਤੇ ਗੱਡੀ ਚੜ੍ਹਾਕੇ ਸ਼ਹੀਦ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਲੋਕ ਸਭਾ ਚੋਣਾਂ ਵਿੱਚ ਟਿਕਟਾਂ ਦੇ ਕੇ ਨਿਵਾਜਿਆ। ਬੁਲਾਰਿਆਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਿਹੜੀ ਸਰਕਾਰ ਆਪਣੇ ਆਪ ਨੂੰ ਕਿਸਾਨਾਂ ਦੀ ਹਮਦਰਦ ਕਹਿੰਦੀ ਨਹੀਂ ਸੀ ਥੱਕਦੀ ਉਸ ਦੇ ਰਾਜ ਵਿੱਚ ਕਿਸ ਤਰ੍ਹਾਂ ਵੱਡੀ ਪੱਧਰ ਤੇ ਡੀਏਪੀ ਖ਼ਾਦ ਦੀ ਕਾਲਾਬਾਜ਼ਾਰੀ ਕੀਤੀ ਜਾ ਰਹੀ ਹੈ, ਧੜੱਲੇ ਨਾਲ ਬਾਜ਼ਾਰਾਂ ਵਿੱਚ ਨਕਲੀ ਡੀਏਪੀ ਵਿਕ ਰਿਹਾ ਹੈ। ਕਣਕ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਡੀਏਪੀ ਦੀ ਘਾਟ ਪੂਰੇ ਪੰਜਾਬ ਵਿੱਚ ਬਣੀ ਹੋਈ ਹੈ। ਜਿਸ ਕਾਰਨ ਕਿਸਾਨਾਂ ਵਿੱਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਝੋਨੇ ਦੀ ਖਰੀਦ ਨਾ ਹੋਣ ਤੇ ਵੀ ਸਰਕਾਰ ਨੂੰ ਘੇਰਿਆ। ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਰਾਲੀ ਸਾੜਨ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ਤੇ ਰੈੱਡ ਐਂਟਰੀਆਂ ਕਰਨ ਦੇ ਦਿੱਤੇ ਆਦੇਸ਼ਾਂ ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਅਜਿਹੇ ਹੁਕਮ ਵਾਪਿਸ ਲਵੇ। ਇਸ ਮੌਕੇ ਜਥੇਬੰਦੀ ਦੀ ਸੂਬਾ ਆਗੂ ਬਲਜੀਤ ਕੌਰ, ਸੁਖਦੇਵ ਸ਼ਰਮਾ,ਰਾਜ ਥੇੜੀ, ਹਰਦੇਵ ਕੁਲਾਰ, ਹੈਪੀ ਨਮੋਲ, ਬਲਜੀਤ ਗੋਬਿੰਦਗੜ੍ਹ, ਬਲਵਿੰਦਰ ਲੱਖੇਵਾਲ, ਕੁਲਵਿੰਦਰ ਪੇਧਨੀ,ਜੱਗਰ ਸਿੰਘ, ਕਰਮਜੀਤ ਕੌਰ,ਬਿੰਦਰ ਦਿੜਬਾ, ਸੁਖਦੇਵ ਲੌਂਗੋਵਾਲ ਨੇ ਵੀ ਸੰਬੋਧਨ ਕੀਤਾ।