ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਪੰਚਾਇਤੀ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਸਮੀਖਿਆ ਮੀਟਿੰਗ
ਫ਼ਤਹਿਗੜ੍ਹ ਸਾਹਿਬ : ਪੰਚਾਇਤੀ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਚੋਣਾਂ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਚਾਇਤੀ ਚੋਣਾਂ ਸਬੰਧੀ ਕੀਤੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਆਦੇਸ਼ ਦਿੱਤੇ ਕਿ ਪੰਚਾਇਤੀ ਚੋਣਾਂ ਲਈ ਲਾਗੂ ਹੋਏ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਮੰਤਵ ਨਾਲ ਨਿੱਜੀ ਤੌਰ 'ਤੇ ਪਿੰਡਾਂ ਦੇ ਦੌਰੇ ਕਰਕੇ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾਵੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਪਿੰਡਾਂ ਵਿੱਚ ਸਰਬ-ਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆਂ ਹਨ, ਉਨ੍ਹਾਂ ਸਬੰਧੀ ਕਾਗਜ਼ੀ ਕਾਰਵਾਈ ਮੁਕੰਮਲ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਚਾਇਤੀ ਚੋਣਾਂ ਸਬੰਧੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ।
ਡਾ. ਸੋਨਾ ਥਿੰਦ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੰਚਾਇਤੀ ਚੋਣਾਂ ਲਈ ਨਿਯੁਕਤ ਕੀਤੇ ਜਾਣ ਵਾਲੇ ਪੋਲਿੰਗ ਸਟਾਫ ਦੀ 6,10 ਤੇ 14 ਅਕਤੂਬਰ ਨੂੰ ਹੋਣ ਵਾਲੀ ਟਰੇਨਿੰਗ ਲਈ ਪੋਲਿੰਗ ਸਟਾਫ ਦੀ ਸਹੂਲਤ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਿਖਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਮੀਟਿੰਗ ਵਿੱਚ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਡੀ.ਐੱਸ.ਪੀ. ਖੁਸ਼ਪ੍ਰੀਤ ਸਿੰਘ, ਡੀ.ਡੀ.ਪੀ.ਓ. ਜਸਪ੍ਰੀਤ ਕੌਰ, ਐਕਸੀਅਨ ਪੰਚਾਇਤੀ ਰਾਜ ਸ.ਜਸਵੀਰ ਸਿੰਘ, ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।