ਸੁਨਾਮ : ਮੁਲਕ ਦੇ ਪ੍ਰਸਿੱਧ ਉਦਯੋਗਪਤੀ ਅਤੇ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਵੀਨ ਜਿੰਦਲ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਹਰਿਆਣਾ ਵਿੱਚ ਸ਼ਾਨਦਾਰ ਜਿੱਤ ਦਰਜ਼ ਕਰਕੇ ਹੈਟ੍ਰਿਕ ਲਗਾਏਗੀ। ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਦੇ ਰਾਜ ਦੌਰਾਨ ਜਨਤਾ ਨੂੰ ਅਨੇਕਾਂ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਗਿਆ ਹੈ। ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਅਗਰਵਾਲ ਸਭਾ ਵੱਲੋ ਰਾਜ ਪੱਧਰੀ ਸਮਾਗਮ ਆਯੋਜਿਤ ਕਰਕੇ ਮਨਾਈ ਜਾ ਰਹੀ ਮਹਾਰਾਜਾ ਅਗਰਸੈਨ ਜੈਅੰਤੀ ਸਮਾਰੋਹ ਦੇ ਪਹਿਲੇ ਸੈਸ਼ਨ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪੁੱਜੇ ਸੰਸਦ ਮੈਂਬਰ ਨਵੀਨ ਜਿੰਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨੇ ਦਸ ਵਰ੍ਹਿਆਂ ਦੇ ਰਾਜ ਦੌਰਾਨ ਹਰਿਆਣਾ 'ਚ ਸਰਬਪੱਖੀ ਵਿਕਾਸ ਕੀਤਾ ਹੈ ਅਤੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪਹਿਲਾਂ ਹੀ ਤੈਅ ਕਰ ਲੈਂਦਾ ਹੈ ਕਿ ਕੇਂਦਰ ਵਿਚ ਸਰਕਾਰ ਬਣਾਕੇ ਸੂਬੇ ਵਿੱਚ ਕਿਸ ਦੀ ਸਰਕਾਰ ਬਣਨ ਜਾ ਰਹੀ ਹੈ। ਜੇਕਰ ਹਰਿਆਣਾ ਦੇ ਪਿਛਲੇ 57 ਸਾਲਾਂ ਦੇ ਇਤਿਹਾਸ 'ਤੇ ਨਜ਼ਰ ਮਾਰੀਏ ਤਾਂ ਸਿਰਫ 1987 ਤੋਂ 1989 ਤੱਕ ਕੇਂਦਰ ਅਤੇ ਹਰਿਆਣਾ 'ਚ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਰਹੀਆਂ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਕਿਸਾਨ ਮੁਲਕ ਦੇ ਅੰਨਦਾਤਾ ਹਨ ਅਤੇ ਲੋਕਤੰਤਰ ਵਿੱਚ ਹਰ ਕਿਸੇ ਨੂੰ ਵਿਰੋਧ ਕਰਨ ਦਾ ਹੱਕ ਹੈ ਪਰੰਤੂ ਵਿਰੋਧ ਅਜਿਹਾ ਨਹੀਂ ਹੋਣਾ ਚਾਹੀਦਾ ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋਵੇ। ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਅਤੇ ਕਈ ਨਵੀਆਂ ਯੋਜਨਾਵਾਂ ਦਾ ਬਲਿਊ ਪ੍ਰਿੰਟ ਤਿਆਰ ਕੀਤਾ ਜਾ ਰਿਹਾ ਹੈ। ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਨਵੀਆਂ ਖੋਜਾਂ ਕੀਤੀਆਂ ਜਾ ਰਹੀਆਂ ਹਨ, ਬੀਜਾਂ ਦੀਆਂ ਨਵੀਆਂ ਕਿਸਮਾਂ ਖੋਜੀਆਂ ਜਾ ਰਹੀਆਂ ਹਨ। ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਹੈ , ਕੇਂਦਰ ਸਰਕਾਰ ਇਸ 'ਤੇ ਪੂਰੀ ਲਗਨ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਰੁਜ਼ਗਾਰ ਪੈਦਾ ਕਰਨ ਲਈ ਹੁਨਰ ਵਿਕਾਸ 'ਤੇ ਕੰਮ ਕਰ ਰਹੀ ਹੈ ਅਤੇ ਸਬੰਧਿਤ ਵਰਗ ਨੂੰ ਲਾਗੂ ਕੀਤੀਆਂ ਗਈਆਂ ਸਕੀਮਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਘਨਸ਼ਿਆਮ ਕਾਂਸਲ , ਪ੍ਰੇਮ ਗੁਪਤਾ, ਈਸ਼ਵਰ ਗਰਗ, ਸੰਜੀਵ ਬਾਂਸਲ ਹੈਪੀ ਆਦਿ ਹਾਜ਼ਰ ਸਨ।