ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਨੇ ਸਰਕਾਰ ਤੋਂ ਝੋਨੇ ਦੀ ਖ਼ਰੀਦ ਦੇ ਸੁਚਾਰੂ ਪ੍ਰਬੰਧਾਂ ਦੀ ਮੰਗ ਕੀਤੀ ਹੈ। ਮੰਡੀਆਂ ਵਿੱਚ ਝੋਨੇ ਲੈਕੇ ਆ ਰਹੇ ਕਿਸਾਨਾਂ ਨੂੰ ਪ੍ਰੇਸ਼ਾਨੀ ਨਾ ਸਹਿਣੀ ਪਵੇ। ਸਨਿੱਚਰਵਾਰ ਨੂੰ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਸਵੀਰ ਸਿੰਘ ਮੈਦੇਵਾਸ, ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ, ਸੰਤ ਰਾਮ ਛਾਜਲੀ ਅਤੇ ਹੈਪੀ ਨਮੋਲ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਵੇ ਤਾਂ ਜੋ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਡੀਏਪੀ ਖ਼ਾਦ ਦੀ ਕਿੱਲਤ ਕਾਰਨ ਕਿਸਾਨਾਂ ਨੂੰ ਕਣਕ ਦੀ ਬਿਜਾਈ ਦਾ ਡਰ ਸਤਾ ਰਿਹਾ ਹੈ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਡੀਏਪੀ ਖ਼ਾਦ ਦੀ ਪੂਰਤੀ ਕਰੇ। ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲ਼ੀ ਨੂੰ ਸਾਂਭਣ ਦੀ ਜ਼ਿੰਮੇਵਾਰੀ ਤੋਂ ਪੰਜਾਬ ਸਰਕਾਰ ਬਿੱਲਕੁਲ ਫੇਲ੍ਹ ਸਾਬਤ ਹੋ ਰਹੀ ਹੈ। ਸਰਕਾਰ ਪਰਾਲ਼ੀ ਨੂੰ ਅੱਗ ਲਾਉਣ ਵਾਲੇ ਬੇਵੱਸ ਹੋਏ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਗ਼ੁਰੇਜ਼ ਕਰੇ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਵਿੱਚ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਜ਼ੋਰਦਾਰ ਸੰਘਰਸ਼ ਵਿੱਢਣ ਤੋਂ ਗ਼ੁਰੇਜ਼ ਨਹੀਂ ਕਰੇਗੀ। ਇਸ ਮੌਕੇ ਸੁਖਦੇਵ ਸ਼ਰਮਾ, ਰਾਜ ਥੇੜੀ, ਹਰਦੇਵ ਸਿੰਘ ਕੁਲਾਰ, ਮੱਖਣ ਪਾਪੜਾ, ਗੁਰਮੇਲ ਸਿੰਘ ਕੈਂਪਰ, ਸੁਖਦੇਵ ਸਿੰਘ ਕਿਲਾ, ਜੰਗੀਰ ਸਿੰਘ ਉੱਭਾਵਾਲ, ਬਾਰਾ ਮੰਗਵਾਲ ਅਤੇ ਬਲਜੀਤ ਸਿੰਘ ਗੋਬਿੰਦਗੜ੍ਹ ਆਦਿ ਹਾਜ਼ਰ ਸਨ।