ਕਿਸਾਨਾਂ ਨੂੰ ਮੰਡੀਆਂ 'ਚ ਕੋਈ ਵੀ ਮੁਸ਼ਕਲ ਨਾ ਆਉਣ ਦਾ ਦਿੱਤਾ ਭਰੋਸਾ
ਕਿਸਾਨਾਂ ਨੂੰ ਸੁੱਕੀ ਫ਼ਸਲ ਹੀ ਮੰਡੀਆਂ 'ਚ ਲੈ ਕੇ ਆਉਣ ਦੀ ਕੀਤੀ ਅਪੀਲ
ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਨਾਜ ਮੰਡੀ ਸਰਹਿੰਦ ਸਮੇਤ ਜ਼ਿਲ੍ਹੇ ਦੀਆਂ ਵੱਖੋ-ਵੱਖ ਮੰਡੀਆਂ ਦਾ ਦੌਰਾ ਕਰ ਕੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ 'ਚ ਆਏ ਝੋਨੇ ਦੀ ਨਾਲੋ-ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਨਿਰਵਿਘਨ ਸ਼ੁਰੂ ਹੋ ਗਈ ਹੈ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜ੍ਹਤੀਆਂ ਨਾਲ ਮੀਟਿੰਗ ਕਰ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖਰੀਦ ਕਰ ਕੇ ਲਿਫ਼ਟਿੰਗ ਕਰਵਾਈ ਜਾਵੇ।
ਡਾ. ਥਿੰਦ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ 'ਚ ਜ਼ਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ।
ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜ੍ਹਤੀਏ ਅਤੇ ਕਿਸਾਨ ਮੌਜੂਦ ਸਨ।