ਫ਼ਤਹਿਗੜ੍ਹ ਸਾਹਿਬ : ਹਰ ਸਾਲ ਦਸੰਬਰ ਮਹੀਨੇ ਵਿੱਚ ਹੋਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੇ ਦੱਸਿਆ ਕਿ ਹਰੇਕ ਸਾਲ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ ਅਤੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਸਾਰੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਨੂੰ ਸਰਹਿੰਦ ਸ਼ਹਿਰ ਨੂੰ ਜੋੜਦੀ ਸਿਵਲ ਹਸਪਤਾਲ ਦੇ ਸਾਹਮਣੇ ਵਾਲੀ ਸੜਕ ਮੁਰੰਮਤ ਬਕਾਇਆ ਹੈ। ਸਰਕਾਰ ਵੱਲੋਂ ਫੰਡ ਜਾਰੀ ਹੋਣ ਉਪਰੰਤ ਇਸ ਦੀ ਪੂਰੀ ਲੰਬਾਈ ਦੀ ਵਿਸ਼ੇਸ਼ ਮੁਰੰਮਤ ਕੀਤੀ ਜਾਵੇਗੀ ਪਰ ਫ਼ਿਲਹਾਲ ਇਸ ਸੜਕ ਸਮੇਤ ਵੱਖ-ਵੱਖ ਸੜਕਾਂ ਦਾ ਪੈਚ ਵਰਕ ਕਰਵਾਇਆ ਜਾ ਰਿਹਾ ਹੈ।