ਸਹਿਕਾਰਤਾ ਵਿਭਾਗ ਅਤੇ ਖੇਤੀਬਾੜੀ ਵਿਭਾਗ ਨੇ ਪਿੰਡ ਗੁਰਦਨਪੁਰ ਵਿਖੇ ਲਾਇਆ ਜਾਗਰੂਕਤਾ ਕੈਂਪ
ਅਮਲੋਹ : ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਸਬੰਧੀ ਜਾਗਰੂਕ ਕਰਨ ਵਾਸਤੇ ਪਿੰਡ ਗੁਰਦਨਪੁਰ ਵਿਖੇ ਸਹਿਕਾਰਤਾ ਵਿਭਾਗ ਅਤੇ ਖੇਤੀਬਾੜੀ ਵਿਭਾਗ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਾਇਆ ਗਿਆ। ਇਹ ਜਾਣਕਾਰੀ ਸਾਂਝੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਹੁਕਮਾਂ ਅਨੁਸਾਰ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼ੀਨਾਜ਼ ਮਿੱਤਲ ਤੇ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ, ਅਮਲੋਹ ਰਮਨ ਕੁਮਾਰ ਦੀ ਅਗਵਾਈ ਵਿੱਚ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਬਲਾਕ ਅਮਲੋਹ ਦੇ ਪਿੰਡ ਗੁਰਧਨਪੁਰ ਵਿਖੇ ਸੀ.ਆਰ.ਐਮ. ਸਕੀਮ ਤਹਿਤ ਖੇਤੀਬਾੜੀ ਵਿਭਾਗ ਦੇ ਤਾਲਮੇਲ ਨਾਲ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੀ ਥਾਂ ਖੇਤਾਂ ਵਿੱਚ ਹੀ ਵਾਹ ਦੇਣ ਬਾਰੇ ਅਪੀਲ ਕੀਤੀ ਗਈ ਅਤੇ ਉਹਨਾਂ ਨੂੰ ਸੀ.ਆਰ.ਐਮ. ਸੰਦਾਂ ਸਬੰਧੀ ਅਤੇ "ਉਨਤ ਕਿਸਾਨ" ਐਪ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਤੱਕ ਦੀ ਸਬਸਿਡੀ 'ਤੇ ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਹਲ਼, ਮਲਚਰ, ਕੱਟਰ ਅਤੇ ਰੋਟਾਵੇਟਰ ਆਦਿ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਪੰਜਾਬ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ। ਛੋਟੇ ਕਿਸਾਨ ਸਹਿਕਾਰੀ ਸਭਾਵਾਂ ਤੋਂ ਘੱਟ ਕਿਰਾਏ 'ਤੇ ਮਸ਼ੀਨਾਂ ਲੈ ਕੇ ਵੀ ਵਰਤ ਸਕਦੇ ਹਨ।
ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅੱਗ ਲਗਾਉਣ ਨਾਲ ਜਿੱਥੇ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ, ਉੱਥੇ ਹੀ ਇਸ ਨਾਲ ਪੈਦਾ ਹੁੰਦੇ ਧੁੰਏ ਕਾਰਨ ਕਈ ਸੜਕੀ ਹਾਦਸੇ ਵੀ ਵਾਪਰਦੇ ਹਨ, ਜਿਨ੍ਹਾਂ ਵਿੱਚ ਅਨੇਕ ਮਨੁੱਖੀ ਜਾਨਾਂ ਚਲੀਆਂ ਜਾਂਦੀਆਂ ਹਨ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਦੀ ਸੁਚੱਜੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ। ਕੈਂਪ ਵਿੱਚ ਤਹਿਸੀਦਾਰ ਅਮਲੋਹ ਜਿਨਸੂ ਬਾਂਸਲ, ਖੇਤੀਬਾੜੀ ਅਫਸਰ ਬੂਟਾ ਸਿੰਘ, ਨਿਰੀਖਕ ਸਹਿਕਾਰੀ ਸਭਾਵਾਂ ਬੀਰਦਵਿੰਦਰ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।