ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੌਜੂਦਾ ਪੰਚਾਇਤੀ ਚੋਣਾਂ ਵਿੱਚ ਹੋਈ ਕਥਿਤ ਘਪਲੇਬਾਜ਼ੀ ਸਬੰਧੀ ਪਾਰਟੀ ਵੱਲੋਂ ਪਾਈਆਂ ਪਟੀਸ਼ਨਾਂ ਦੇ ਜਵਾਬ ਵਿੱਚ ਹਾਈ ਕੋਰਟ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀ, ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਹਨ। ਸ੍ਰ. ਬ੍ਰਹਮਪੁਰਾ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਵਰਕਰਾਂ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਹੈ, ਜਿੰਨ੍ਹਾਂ ਨੂੰ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਦੇ ਅਧਿਕਾਰ ਤੋਂ ਗੈਰਕਾਨੂੰਨੀ ਤੌਰ 'ਤੇ ਵਾਂਝੇ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕਨੂੰਨੀ ਟੀਮ ਇਸ ਉੱਤੇ ਕਈ ਹਫ਼ਤਿਆਂ ਤੋਂ ਤਨਦੇਹੀ ਨਾਲ ਕੰਮ ਕਰ ਰਹੀ ਸੀ ਅਤੇ ਸੂਬਾ ਚੋਣ ਕਮਿਸ਼ਨ ਨੂੰ ਸੌਂਪ ਰਹੀ ਸੀ। ਹਾਲਾਂਕਿ, ਇਸ ਉੱਤੇ ਕੋਈ ਹੱਲ ਨਾ ਹੋਣ 'ਤੇ, ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕਰਕੇ ਕਾਨੂੰਨੀ ਸਹਾਰਾ ਲੈ ਕੇ ਨਿਆਂ ਦੀ ਮੰਗ ਕੀਤੀ ਹੈ।
ਸੂਬੇ ਭਰ ਵਿੱਚ 270 ਤੋਂ ਵੱਧ ਪੰਚਾਇਤੀ ਨਾਮਜ਼ਦਗੀਆਂ ਰੱਦ ਹੋਣ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਚੋਣ ਪ੍ਰਕਿਰਿਆ ਵਿੱਚ ਗ਼ਲਤ ਰੁਝਾਨਾਂ 'ਤੇ ਨਿਰਾਸ਼ਾ ਜ਼ਾਹਰ ਕੀਤੀ। ਇਸ ਤੋਂ ਇਲਾਵਾ ਖ਼ਾਸ ਕਰਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਹੋਰ ਵੀ ਧੱਕੇਸ਼ਾਹੀ ਅਤੇ ਦਖ਼ਲਅੰਦਾਜ਼ੀ ਕੀਤੀ ਗਈ ਹੈ ਜਿਸ ਨੂੰ ਅਕਾਲੀ ਦਲ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਇੱਥੇ ਦੱਸਣਯੋਗ ਹੈ ਕਿ ਬਲਾਕ ਨੌਸ਼ਹਿਰਾ ਪੰਨੂਆਂ ਵਿਖੇ ਉਮੀਦਵਾਰਾਂ ਨਾਲ 'ਆਪ' ਪ੍ਰਸ਼ਾਸਨ ਵਲੋਂ ਦੁਰਵਿਹਾਰ ਕੀਤਾ ਗਿਆ ਹੈ ਜੋ ਕਿ 'ਆਪ' ਸਰਕਾਰ ਲਈ ਸ਼ਰਮ ਵਾਲੀ ਗੱਲ ਹੈ। ਸ੍ਰ. ਬ੍ਰਹਮਪੁਰਾ ਨੇ ਲੋਕਤੰਤਰ ਨੂੰ ਬਰਕਰਾਰ ਰੱਖਣ ਅਤੇ ਚੋਣਾਂ ਵਿੱਚ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪਾਰਟੀ ਪੰਚਾਇਤੀ ਚੋਣਾਂ ਵਿੱਚ ਕਥਿਤ ਬੇਨਿਯਮੀਆਂ ਤੋਂ ਪ੍ਰਭਾਵਿਤ ਸਾਰੀਆਂ ਪੀੜਤ ਧਿਰਾਂ ਲਈ ਇਨਸਾਫ਼ ਦਿਵਾਉਣ ਲਈ ਦ੍ਰਿੜ੍ਹ ਅਤੇ ਵਚਨਬੱਧ ਹੈ।