ਚੰਡੀਗੜ੍ਹ : ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਦੇ ਨਾਮੀਂ ਉਦਯੋਗਪਤੀ ਰਤਨ ਟਾਟਾ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੇ ਇਕ "ਕੀਮਤੀ ਰਤਨ" ਖੋ ਲਿਆ ਹੈ, ਜਿਸਦੀ ਭਰਪਾਈ ਕਰਨੀ ਮੁਸ਼ਕਿਲ ਹੈ। ਇੱਥੋਂ ਜਾਰੀ ਸ਼ੋਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਰਤਨ ਟਾਟਾ ਨੇ ਦੇਸ਼ ਦੇ ਅਰਥਚਾਰੇ ਦੀ ਮਜ਼ਬੂਤੀ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਉਨ੍ਹਾਂ ਵੱਲੋਂ ਕੀਤੇ ਕੰਮ ਨੌਜਵਾਨ ਪੀੜ੍ਹੀ ਨੂੰ ਹਮੇਸ਼ਾਂ ਪ੍ਰੇਰਨਾ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਤਨ ਟਾਟਾ ਆਪਣੀ ਸਾਦਗੀ, ਮਿਹਨਤ ਅਤੇ ਇਮਾਨਦਾਰੀ ਲਈ ਲੋਕ ਮਨਾਂ ਵਿੱਚ ਹਮੇਸ਼ਾਂ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਜਾਨਵਰਾਂ ਪ੍ਰਤੀ ਰਤਨ ਟਾਟਾ ਦੇ ਪਿਆਰ ਅਤੇ ਹਮਦਰਦੀ ਨੂੰ ਵੀ ਸਦਾ ਯਾਦ ਕੀਤਾ ਜਾਂਦਾ ਰਹੇਗਾ।
ਉਦਯੋਗ ਮੰਤਰੀ ਨੇ ਕਿਹਾ ਕਿ ਆਧੁਨਿਕ ਭਾਰਤ ਦੇ ਸਨਅਤੀ ਖੇਤਰ ਦੀ ਇਸ ਨਾਮੀਂ ਸਖਸ਼ੀਅਤ ਦੇ ਤੁਰ ਜਾਣ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਟਾਟਾ ਪਰਿਵਾਰ ਦੇ ਸਾਰੇ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਰੱਬ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ।