ਚੰਡੀਗੜ੍ਹ : ਹਰਿਆਣਾ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਲਗਾਤਾਰ ਤੀਜੀ ਵਾਰ ਸੱਤਾ 'ਤੇ ਕਾਬਜ਼ ਹੋਣ ਜਾ ਰਹੀ ਹੈ। 15 ਅਕਤੂਬਰ ਨੂੰ ਭਾਜਪਾ ਦੀ ਨਵੀਂ ਸਰਕਾਰ ਬਣਨ ਜਾ ਰਹੀ ਹੈ। ਸਰਕਾਰ ਦਾ ਸਹੁੰ ਚੁੱਕ ਸਮਾਗਮ ਪੰਚਕੂਲਾ ਦੇ ਸੈਕਟਰ 5 ਸਥਿਤ ਪਰੇਡ ਗਰਾਊਂਡ ਵਿੱਚ ਰੱਖਿਆ ਗਿਆ ਹੈ। ਜਿੱਥੇ ਸੀਐਮ ਸਮੇਤ ਸਾਰੇ ਮੰਤਰੀ ਸਹੁੰ ਚੁੱਕਣਗੇ। ਖਾਸ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਰਿਆਣਾ ਸਰਕਾਰ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਆ ਰਹੇ ਹਨ ਜੋ ਕਿ ਇਸ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਚਕੂਲਾ ਫੇਰੀ ਨੂੰ ਲੈ ਕੇ ਸਥਾਨਕ ਪੁਲਿਸ ਪ੍ਰਸ਼ਾਸਨ 'ਚ ਹਲਚਲ ਹੈ ਅਤੇ ਚੌਕਸੀ ਵਰਤੀ ਜਾ ਰਹੀ ਹੈ |
ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੰਚਕੂਲਾ ਪਹੁੰਚੇ ਏ.ਡੀ.ਜੀ.
ਪੰਚਕੂਲਾ ਦੇ ਪਰੇਡ ਗਰਾਊਂਡ 'ਚ ਇਕ ਪਾਸੇ ਸਹੁੰ ਚੁੱਕ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ, ਉਥੇ ਹੀ ਦੂਜੇ ਪਾਸੇ ਸੁਰੱਖਿਆ ਪ੍ਰਬੰਧਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ। ਹਰਿਆਣਾ ਸਰਕਾਰ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇੱਥੇ ਪਹੁੰਚਣ ਵਾਲੇ ਹਨ। ਅਜਿਹੀ ਸਥਿਤੀ ਵਿੱਚ ਸੁਰੱਖਿਆ ਪ੍ਰਬੰਧਾਂ ਵਿੱਚ ਕੋਈ ਢਿੱਲ ਨਹੀਂ ਆਉਣੀ ਚਾਹੀਦੀ ਅਤੇ ਆਵਾਜਾਈ ਵਿੱਚ ਰੂਟ ਕਲੀਅਰੈਂਸ ਦੌਰਾਨ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਇਸ ਲਈ ਪੁਲਿਸ-ਪ੍ਰਸ਼ਾਸ਼ਨ ਦੀ ਟੀਮ ਵੀ ਪੂਰੀ ਤਿਆਰੀ ਕਰ ਰਹੀ ਹੈ। ਅੱਜ ਸ਼ੁੱਕਰਵਾਰ ਨੂੰ ਏਡੀਜੀਪੀ ਆਲੋਕ ਮਿੱਤਲ ਅਤੇ ਪੁਲਿਸ ਕਮਿਸ਼ਨਰ ਸ਼ਿਵਾਸ ਕਵੀਰਾਜ ਨੇ ਪਰੇਡ ਗਰਾਊਂਡ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਹੋਰ ਪੁਲਿਸ ਅਧਿਕਾਰੀ ਅਤੇ ਐਚ.ਐਸ.ਵੀ.ਪੀ. ਦੇ ਅਧਿਕਾਰੀ ਵੀ ਮੌਜੂਦ ਸਨ।
ਫਿਲਹਾਲ ਹਰਿਆਣਾ ਸਰਕਾਰ ਦੇ ਸਹੁੰ ਚੁੱਕ ਸਮਾਗਮ ਲਈ ਪੰਚਕੂਲਾ ਦੇ ਪਰੇਡ ਗਰਾਊਂਡ ਨੂੰ ਢੁੱਕਵਾਂ ਮੰਨਿਆ ਗਿਆ ਹੈ। ਇੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹੋਣਗੇ। ਇਸ ਤੋਂ ਪਹਿਲਾਂ ਅੱਜ ਸਵੇਰੇ ਡੀਸੀ ਡਾ: ਯਸ਼ ਗਰਗ ਨੇ ਪ੍ਰਧਾਨ ਮੰਤਰੀ ਦੇ ਦੌਰੇ ਸਬੰਧੀ ਮੀਟਿੰਗ ਕੀਤੀ। ਇਸ ਤੋਂ ਬਾਅਦ ਉਹ ਸ਼ਾਲੀਮਾਰ ਗਰਾਊਂਡ ਵੀ ਗਏ। ਸਹੁੰ ਚੁੱਕ ਸਮਾਗਮ ਲਈ ਸਥਾਨ ਨੂੰ ਅੰਤਿਮ ਰੂਪ ਦੇਣ ਲਈ ਸ਼ਾਲੀਮਾਰ ਨੂੰ ਇੱਕ ਵਿਕਲਪ ਵਜੋਂ ਰੱਖਿਆ ਗਿਆ ਸੀ। ਪਰ ਸੈਕਟਰ 5 ਸਥਿਤ ਪਰੇਡ ਗਰਾਊਂਡ ਵਿਚ ਸਾਰੀਆਂ ਸਹੂਲਤਾਂ ਨੂੰ ਦੇਖਦੇ ਹੋਏ ਇਸ ਨੂੰ ਸਮਾਰੋਹ ਲਈ ਅੰਤਿਮ ਰੂਪ ਦਿੱਤਾ ਗਿਆ। ਦਰਅਸਲ, ਪੰਚਕੂਲਾ "ਇੰਦਰਧਨੁਸ਼ ਆਡੀਟੋਰੀਅਮ ਵੀ ਇੱਥੋਂ ਬਹੁਤ ਨੇੜੇ ਹੈ। ਜਿੱਥੇ ਵੀਆਈਪੀ ਲੋਕਾਂ ਲਈ ਪਾਰਕਿੰਗ ਦਾ ਵਧੀਆ ਪ੍ਰਬੰਧ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਸਹੁੰ ਚੁੱਕ ਸਮਾਗਮ ਵਿੱਚ ਹਜ਼ਾਰਾਂ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।