ਸੁਨਾਮ : ਪੰਜਾਬ ਅੰਦਰ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਖ਼ਫ਼ਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੈਂਕੜੇ ਕਾਰਕੁੰਨਾ ਨੇ ਸੁਨਾਮ ਰੇਲਵੇ ਸਟੇਸ਼ਨ ਤੇ ਰੇਲ ਟਰੈਕ ਉੱਪਰ ਤਿੰਨ ਘੰਟਿਆਂ ਲਈ ਸੰਕੇਤਕ ਧਰਨਾ ਦੇਕੇ ਰੇਲਾਂ ਦੀ ਰਫ਼ਤਾਰ ਨੂੰ ਬਰੇਕਾਂ ਲਾਈਆਂ। ਧਰਨਾਕਾਰੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਵਿੱਚ ਕਿਸਾਨ ਬੀਬੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ। ਰੇਲਵੇ ਟਰੈਕ ਉੱਪਰ ਧਰਨਾ ਦੇਕੇ ਬੈਠੇ ਵੱਡੀ ਗਿਣਤੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਸੂਬਾਈ ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਅਤੇ ਬਹਾਲ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਅੰਦਰ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਦੇ ਤੇਰਾਂ ਦਿਨ ਬੀਤ ਜਾਣ ਦੇ ਬਾਵਜੂਦ ਖ਼ਰੀਦ ਸੁਚਾਰੂ ਢੰਗ ਨਾਲ ਸ਼ੁਰੂ ਨਹੀਂ ਹੋ ਸਕੀ ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਬਾਰੇ ਸੰਜੀਦਗੀ ਨਹੀਂ ਦਿਖਾਈ ਜਾ ਰਹੀ। ਝੋਨੇ ਦੀ ਪੀਆਰ 126 ਕਿਸਮ ਨੂੰ ਸੈਲਰਾਂ ਵਾਲੇ ਨਹੀਂ ਲਗਵਾ ਰਹੇ ਝੋਨਾ ਮੰਡੀਆਂ ਵਿੱਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੰਡੀ ਬੋਰਡ ਤੋੜਨਾ ਚਾਹੁੰਦੀ ਹੈ ਸਰਕਾਰੀ ਖ਼ਰੀਦ ਬੰਦ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਖੁੱਲ ਦੇਣਾ ਚਾਹੁੰਦੀ ਹੈ ਜਿਸ ਨੂੰ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ ਪਰ ਪੰਜਾਬ ਤੇ ਕੇਂਦਰ ਸਰਕਾਰ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ। ਸੂਬੇ ਦੀ ਸਰਕਾਰ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਲਈ ਸਮੇਂ ਸਿਰ ਲੋੜੀਂਦੇ ਕਦਮ ਨਹੀਂ ਚੁੱਕੇ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਲੈਕੇ ਕਿਸਾਨਾਂ ਤੇ ਨਿਗਰਾਨੀ ਰੱਖਣ ਲਈ ਅੱਠ ਹਜ਼ਾਰ ਨੋਡਲ ਅਫਸਰ ਅਤੇ ਅਸਮਾਨ ਵਿੱਚ ਡਰੋਨ ਛੱਡੇ ਜਾ ਰਹੇ ਹਨ ਲੇਕਿਨ ਇਹਨਾਂ ਨੋਡਲ ਅਫਸਰਾਂ ਤੇ ਡਰੋਨਾਂ ਨੂੰ ਮੰਡੀ ਵਿੱਚ ਰੁਲਦਾ ਕਿਸਾਨ ਨਹੀਂ ਦਿਸਦਾ ਮੰਡੀਆਂ ਵਿੱਚ ਵੱਡੇ ਪੱਧਰ ਤੇ ਕੱਟ ਲਾਕੇ ਝੋਨਾ ਖਰੀਦਿਆ ਜਾ ਰਿਹਾ ਹੈ ਇੱਕ ਕੁਇੰਟਲ ਜੀਰੀ ਪਿੱਛੇ ਦੋ ਤੋਂ ਚਾਰ ਕਿਲੋ ਦੇ ਕੱਟ ਲਾਏ ਜਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਡੀਏਪੀ ਖ਼ਾਦ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਕਥਿਤ ਤੌਰ ਤੇ ਲੁੱਟਿਆ ਜਾ ਰਿਹਾ ਹੈ। ਬੁਲਾਰਿਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਝੋਨੇ ਦੀ ਖ਼ਰੀਦ ਜਲਦੀ ਚਾਲੂ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤਿੱਖੇ ਹੋਣਗੇ। ਇਸ ਮੌਕੇ ਅਜੈਬ ਸਿੰਘ ਲੱਖੇਵਾਲ, ਹਰਜੀਤ ਸਿੰਘ ਮਹਿਲਾਂ, ਪ੍ਰੀਤਮ ਸਿੰਘ, ਰਿੰਕੂ ਮੂਣਕ, ਹਰਬੰਸ ਸਿੰਘ, ਚਰਨਜੀਤ ਸਿੰਘ, ਰਣਜੀਤ ਸਿੰਘ ਲੌਂਗੋਵਾਲ, ਰਾਮ ਸਿੰਘ ਕੱਕੜਵਾਲ, ਹਰਪਾਲ ਸਿੰਘ ਪੇਧਨੀ, ਜਸਵੀਰ ਕੌਰ ਉਗਰਾਹਾਂ, ਜਸਵਿੰਦਰ ਕੌਰ ਮਹਿਲਾਂ, ਮਨਜੀਤ ਕੌਰ ਤੋਲਾਵਾਲ, ਬਲਜੀਤ ਕੌਰ ਖਡਿਆਲ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ।