ਚੰਡੀਗੜ੍ਹ : Punjab: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜ੍ਹਤੀ ਐਸੋਸੀਏਸ਼ਨ ਤੇ ਸ਼ੈਲਰ ਮਾਲਕਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਗਿਆ। ਇਸ ਦੇ ਨਾਲ ਹੀ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ 18 ਅਕਤੂਬਰ ਤੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਪੰਜਾਬ ਦੀਆਂ ਮੰਡੀਆਂ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਅਤੇ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਾਲੇ ਝੰਡੇ ਦਿਖਾਏ ਜਾਣਗੇ। ਮੰਡੀਆਂ ਵਿੱਚ ਆੜ੍ਹਤੀਆਂ ਵੱਲੋਂ ਕਾਲੇ ਝੰਡੇ ਲਗਾਏ ਜਾਣਗੇ।
ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਹੀ ਢੰਗ ਨਾਲ ਖਰੀਦ ਸ਼ੁਰੂ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸੰਸਾਰ ਬੈਂਕ ਦੀ ਖੁੱਲ੍ਹੀ ਮੰਡੀ ਦੀ ਨੀਤੀ ਵੱਲ ਅੱਗੇ ਵਧਣ ਲਈ ਹੀ ਦੋਨਾਂ ਸਰਕਾਰਾਂ ਵੱਲੋਂ ਕਦਮਤਾਲ ਮਿਲਾ ਕੇ ਕਿਸਾਨਾਂ ਦੀ ਲਹੂ ਪਸੀਨੇ ਦੀ ਕਮਾਈ ਪੈਰਾਂ ਹੇਠ ਰੋਲ਼ੀ ਜਾ ਰਹੀ ਹੈ। ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁਕਾਈ ਦੀ ਗੰਭੀਰ ਬਣ ਚੁੱਕੀ ਸਮੱਸਿਆ ਦੇ ਹੱਲ ਲਈ ਵਾਰ ਵਾਰ ਕੀਤੀ ਜਾ ਰਹੀ ਮੰਗ ਨੂੰ ਦੋਨਾਂ ਸਰਕਾਰਾਂ ਵੱਲੋਂ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਦੇਸ਼ ਦੇ ਅੰਨਦਾਤੇ ਨੂੰ ਮੰਡੀਆਂ ਵਿੱਚ ਖੱਜਲਖੁਆਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਅਗਲੀ ਫ਼ਸਲ ਦੀ ਬਿਜਾਈ ਵਿੱਚ ਪਛੇਤ ਪਾਈ ਜਾ ਰਹੀ ਹੈ। ਬੁਲਾਰਿਆਂ ਨੇ ਇੱਕਸੁਰ ਹੋ ਕੇ ਮੰਗ ਕੀਤੀ ਕਿ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਪੁਖਤਾ ਪ੍ਰਬੰਧ ਤੁਰੰਤ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਮੰਗ ਤੁਰੰਤ ਪੂਰੀ ਨਾ ਕਰਨ ਦੀ ਸੂਰਤ ਵਿੱਚ ਸਰਕਾਰਾਂ ਨੂੰ ਹੋਰ ਤਿੱਖੇ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ