ਆਮ ਜਨਤਾ ਅਤੇ ਉਮੀਦਵਾਰਾਂ ਨੂੰ ਅਮਨ-ਕਾਨੂੰਨ ਦੀ ਪਾਲਣਾ ਕਰਨ ਅਤੇ ਪੋਲਿੰਗ ਨੂੰ ਸ਼ਾਂਤੀਪੂਰਵਕ ਰੱਖਣ ਦੀ ਅਪੀਲ
ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ
ਐਸ.ਏ.ਐਸ.ਨਗਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਅੱਜ ਡਿਸਪੈਚ ਸੈਂਟਰਾਂ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦਾ ਦੌਰਾ ਕੀਤਾ ਅਤੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਅਤੇ ਨਿਰਵਿਘਨ ਰੱਖਣ ਲਈ ਰਹਦਾਇਤਾਂ ਜਾਰੀ ਕੀਤੀਆਂ। ਪੋਲਿੰਗ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਡਿਸਪੈਚ ਸੈਂਟਰ ਸਰਕਾਰੀ ਸਕੂਲ 3ਬੀ1 ਮੋਹਾਲੀ, ਹਾਈਪਰਸੈਂਸਟਿਵ ਬੂਥ ਲਾਂਡਰਾ ਅਤੇ ਡਿਸਪੈਚ ਸੈਂਟਰ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਸਥਿਤ ਡਿਸਪੈਚ ਸੈਂਟਰ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਅਧਿਕਾਰੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਨਾਲ-ਨਾਲ ਪੋਲਿੰਗ ਪ੍ਰਕਿਰਿਆ ਨੂੰ ਨਿਰਵਿਘਨ ਰੱਖਣ ਦੇ ਨਿਰਦੇਸ਼ ਜਾਰੀ ਕੀਤੇ। ਡੀਸੀ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 266 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਭਲਕੇ ਹੋਣਗੀਆਂ ਜਦੋਂਕਿ 63 ਪਿੰਡਾਂ ਦੀਆਂ ਪੰਚਾਇਤਾਂ ਬਿਨਾਂ ਮੁਕਾਬਲਾ ਚੁਣੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਭਲਕੇ ਗ੍ਰਾਮ ਪੰਚਾਇਤ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਸ਼ਾਂਤਮਈ ਅਤੇ ਪਾਰਦਰਸ਼ੀ ਪੋਲਿੰਗ ਪ੍ਰਕਿਰਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹੇ ਵਿੱਚ 46 ਅਤਿ ਸੰਵੇਦਨਸ਼ੀਲ ਅਤੇ 103 ਸੰਵੇਦਨਸ਼ੀਲ ਪੋਲਿੰਗ ਬੂਥ ਹਨ ਜਿੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਵੀਡੀਓਗ੍ਰਾਫੀ ਦੇ ਪ੍ਰਬੰਧ ਵੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪੋਲਿੰਗ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਪੋਲਿੰਗ ਸਥਾਨ 'ਤੇ ਕੀਤੀ ਜਾਵੇਗੀ, ਜਿਸ ਨਾਲ ਸਬੰਧਤ ਪਿੰਡ ਦੇ ਨਤੀਜੇ ਐਲਾਨੇ ਜਾਣਗੇ। ਸਥਿਤੀ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਪੋਲਿੰਗ ਪਾਰਟੀਆਂ ਨੂੰ ਸਾਰੀਆਂ ਪ੍ਰਕਿਰਿਆਵਾਂ ਨੂੰ ਪਾਰਦਰਸ਼ੀ ਅਤੇ ਸੁਰੱਖਿਅਤ ਰੱਖਣ ਲਈ ਕਿਹਾ ਗਿਆ ਹੈ। ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਕਿਹਾ ਕਿ ਅਸੀਂ 2000 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਦੇ ਨਾਲ ਪੰਚਾਇਤੀ ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ, ਸਥਿਤੀ ਨੂੰ ਸੰਭਾਲਣ ਅਤੇ ਲੋੜ ਪੈਣ 'ਤੇ ਤੁਰੰਤ ਮੌਕੇ 'ਤੇ ਪਹੁੰਚਣ ਲਈ ਚੋਣ ਡਿਊਟੀ ਸੁਰੱਖਿਆ ਕਰਮਚਾਰੀ, ਮੋਬਾਈਲ ਟੀਮਾਂ ਅਤੇ ਗਸ਼ਤ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਸੁਪਰਡੈਂਟਾਂ ਅਤੇ ਡੀ.ਐਸ.ਪੀਜ਼ ਨੂੰ ਵਿਸ਼ੇਸ਼ ਹਿੱਸਿਆਂ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੋਨਮ ਚੌਧਰੀ ਨੇ ਦੱਸਿਆ ਕਿ ਭਲਕੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪੋਲਿੰਗ ਪਾਰਟੀਆਂ ਨੂੰ ਡਿਸਪੈਚ ਸੈਂਟਰਾਂ ਤੋਂ ਸਫਲਤਾਪੂਰਵਕ ਉਨ੍ਹਾਂ ਦੇ ਟਿਕਾਣਿਆਂ ਲਈ ਰਵਾਨਾ ਕਰ ਦਿੱਤਾ ਗਿਆ ਹੈ।