ਸੁਨਾਮ : ਪੰਜਾਬ ਅੰਦਰ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਨਾਰਾਜ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਵੱਡੇ ਸੰਘਰਸ਼ ਦਾ ਐਲਾਨ ਕੀਤਾ ਹੈ। ਜਥੇਬੰਦੀ ਵੀਰਵਾਰ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰਵਾਕੇ ਸੰਘਰਸ਼ ਸ਼ੁਰੂ ਕਰੇਗੀ। ਸ਼ੁੱਕਰਵਾਰ ਤੋਂ 'ਆਪ' ਵਿਧਾਇਕਾਂ, ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਾਉਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀਕਲਾਂ ਅਤੇ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਸੁਚਾਰੂ ਪ੍ਰਬੰਧ ਨਾ ਕੀਤੇ ਜਾਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੀਆਂ ਹਨ। ਬੇਹੱਦ ਔਕੜਾਂ ਦਾ ਸਾਹਮਣਾ ਕਰਕੇ ਕਿਸਾਨ ਖੇਤੀ ਧੰਦੇ ਨੂੰ ਕਰ ਰਿਹਾ ਹੈ ਬਾਵਜੂਦ ਇਸਦੇ ਕਿਸਾਨਾਂ ਦੀਆਂ ਫ਼ਸਲਾਂ ਮੰਡੀਆਂ ਵਿੱਚ ਰੁਲ ਰਹੀਆਂ ਹਨ। ਸੂਬੇ ਦੀ ਭਗਵੰਤ ਮਾਨ ਅਤੇ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅੱਖਾਂ ਬੰਦ ਕਰਕੇ ਬੈਠੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਪੀ.ਆਰ.126 ਕਿਸਮ ਦੀ ਬਿਜਾਈ ਦੀ ਸਿਫ਼ਾਰਸ਼ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸੀ ਅਤੇ ਕਿਸਾਨਾਂ ਨੇ ਮੁੱਖ ਮੰਤਰੀ 'ਤੇ ਭਰੋਸਾ ਕਰਕੇ ਫ਼ਸਲਾਂ ਬੀਜੀਆਂ ਪਰੰਤੂ ਹੁਣ ਸਰਕਾਰ ਖ਼ਰੀਦ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਐਲਾਨ ਕੀਤੇ ਸੰਘਰਸ਼ ਝੋਨੇ ਦੀ ਨਿਰਵਿਘਨ ਖਰੀਦ ਤੱਕ ਜਾਰੀ ਰਹਿਣਗ ਜੇਕਰ ਇਸ ਤੋਂ ਬਾਅਦ ਵੀ ਸਰਕਾਰਾਂ ਕੁੰਭਕਰਨੀ ਨੀਂਦ ਤੋਂ ਨਾ ਜਾਗੀਆਂ ਤਾਂ ਜਥੇਬੰਦੀਆਂ ਹੋਰ ਵੀ ਤਿੱਖਾ ਅੰਦੋਲਨ ਵਿੱਢਣ ਲਈ ਮਜਬੂਰ ਹੋਣਗੀਆਂ। ਕਿਸਾਨ ਆਗੂਆਂ ਨੇ ਸਮੂਹ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪੰਚਾਇਤੀ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸਾਰਿਆਂ ਨੂੰ ਆਪਣੇ ਹਿੱਤਾਂ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਕਿਸਾਨ ਮਜ਼ਦੂਰਾਂ ਨਾਲ ਕਿਸੇ ਵੀ ਕੀਮਤ 'ਤੇ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ 13 ਅਕਤੂਬਰ ਨੂੰ ਰੇਲਾਂ ਰੋਕਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਲੇਕਿਨ ਦੋਵੇਂ ਸਰਕਾਰਾਂ ਅਵੇਸਲੀਆਂ ਹੋਕੇ ਸਾਰਾ ਕੁਝ ਦੇਖ ਰਹੀਆਂ ਹਨ।