ਨਵੀਂ ਦਿੱਲੀ : ਦੇਸ਼ ਵਿੱਚ ਕਰੋਨਾ ਖ਼ਤਰਨਾਕ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਜਿਥੇ ਜ਼ਿਆਦਾ ਪਾਜ਼ੇਟਿਵ ਮਾਮਲੇ ਆ ਰਹੇ ਹਨ ਉਥੇ ਟੈਸਟਿੰਗ ਵਧਾਈ ਜਾਵੇ। ਸ੍ਰੀ ਨਰਿੰਦਰ ਮੋਦੀ ਨੇ ਪਿੰਡਾਂ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ’ਤੇ ਚਿੰਤਾ ਪ੍ਰਗਟ ਕੀਤੀ। ਪਿੰਡਾਂ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਉਨ੍ਹਾਂ ਨੇ ਪਿੰਡਾਂ ਵਿਚ ਘਰ ਘਰ ਜਾ ਕੇ ਟੈਸਟਿੰਗ ਕਰਨ ਦੇ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਨੇ ਵੈਂਟੀਲੇਟਰਾਂ ਦੀ ਵਰਤੋਂ ਨਾ ਹੋਣ ਸਬੰਧੀ ਨਰਾਜ਼ਗੀ ਪ੍ਰਗਟ ਕੀਤੀ।
ਮੀਟਿੰਗ ਦੌਰਾਨ ਦਸਿਆ ਗਿਆ ਕਿ ਸ਼ੁਰੂਆਤ ਵਿੱਚ 50 ਲੱਖ ਟੈਸਟ ਕੀਤੇ ਜਾ ਰਹੇ ਸਨ ਪਰ ਹੁਣ ਅਪ੍ਰੈਲ ਵਿੱਚ ਇਹ ਵੱਧ ਕੇ 1.3 ਕਰੋੜ ਹੋ ਗਏ ਹਨ। ਉਨ੍ਹਾਂ ਨੇ ਪੇਂਡੂ ਖੇਤਰਾਂ ਵਿੱਚ ਆਕਸੀਜਨ ਦੀ ਸਪਲਾਈ ਬਿਹਤਰ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਸਿਹਤ ਕਰਮਚਾਰੀਆਂ ਨੂੰ ਵੈਂਟੀਲੇਟਰ ਅਤੇ ਹੋਰ ਉਪਕਰਨ ਚਲਾਉਣ ਸਬੰਧੀ ਟ੍ਰੇਨਿੰਗ ਦੇਣੀ ਚਾਹੀਦੀ ਹੈ।