ਸੁਨਾਮ : ਕਮਿਊਨਿਸਟ ਪਾਰਟੀ ਆਫ ਇੰਡੀਆ ਅਤੇ ਕਿਸਾਨ ਸਭਾ ਦੇ ਸੂਬਾਈ ਆਗੂ ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਕੀਤਾ ਵਾਧਾ ਨਾਕਾਫ਼ੀ ਹੈ। ਖੇਤੀ ਦੇ ਲਾਗਤ ਖਰਚਿਆਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਖੇਤੀ ਧੰਦਾ ਘਾਟੇ ਦਾ ਸੌਦਾ ਬਣਦਾ ਜਾ ਰਿਹਾ ਹੈ। ਵੀਰਵਾਰ ਨੂੰ ਪਿੰਡ ਬਖ਼ਸ਼ੀਵਾਲਾ ਵਿਖੇ ਗੱਲਬਾਤ ਕਰਦਿਆਂ ਕਿਸਾਨ ਆਗੂ ਕਾਮਰੇਡ ਹਰਦੇਵ ਸਿੰਘ ਬਖਸ਼ੀਵਾਲਾ ਨੇ ਕਿਹਾ ਕਿ ਕੇਂਦਰ ਵਿਚਲੀ ਕੌਮੀ ਜਮਹੂਰੀ ਗੱਠਜੋੜ ਸਰਕਾਰ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਿਕ ਜਿਣਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੇਂਦਰ ਸਰਕਾਰ ਭੁਲੇਖਾ ਪਾਊ ਨੀਤੀਆਂ ਅਨੁਸਾਰ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਕੇ ਕਿਸਾਨ ਪੱਖੀ ਹੋਣ ਦਾ ਢੰਡੋਰਾ ਪਿੱਟ ਰਹੀ ਹੈ ਜਦਕਿ ਜਿਣਸਾਂ ਦੇ ਮੁੱਲਾਂ ਅਤੇ ਖੇਤੀ ਲਾਗਤ ਖਰਚਿਆਂ ਵਿੱਚ ਜ਼ਮੀਨ ਅਸਮਾਨ ਦਾ ਫ਼ਰਕ ਹੈ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਨੂੰ ਮੁੜ ਵਿਚਾਰਕੇ ਹੋਰ ਵਾਧਾ ਕਰਨ ਨੂੰ ਯਕੀਨੀ ਬਣਾਵੇ। ਉਨ੍ਹਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਨਾ ਹੋਣ ਕਰਕੇ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨਿਰਵਿਘਨ ਖਰੀਦ ਲਈ ਬਿਨਾਂ ਦੇਰੀ ਢੁਕਵੇਂ ਕਦਮ ਚੁੱਕੇ। ਉਨ੍ਹਾਂ ਆਖਿਆ ਕਿ ਡੀਏਪੀ ਖ਼ਾਦ ਦੀ ਕਿੱਲਤ ਵੀ ਕਿਸਾਨਾਂ ਲਈ ਸਿਰਦਰਦੀ ਬਣਦੀ ਜਾ ਰਹੀ ਹੈ। ਕਣਕ ਦੀ ਬਿਜਾਈ ਲਈ ਡੀਏਪੀ ਖ਼ਾਦ ਤੋਂ ਵਧੇਰੇ ਲੋੜ ਹੈ। ਇਸ ਮੌਕੇ ਪਿਆਰਾ ਸਿੰਘ ਨੰਬਰਦਾਰ, ਮੱਖਣ ਸਿੰਘ, ਜਸਦੇਵ ਸਿੰਘ, ਹਰਮੇਲ ਸਿੰਘ, ਸਤਿਗੁਰ ਸਿੰਘ, ਕੋਮਲਪ੍ਰੀਤ ਸਿੰਘ, ਦੁੱਲਾ ਸਿੰਘ, ਚਮਕੌਰ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।