ਬਰਨਾਲਾ : ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਰਨਾਲਾ ਜ਼ਿਲੇ ਦੀਆਂ ਵੱਖ-ਵੱਖ ਥਾਵਾਂ ‘ਤੇ 17 ਮਈ (ਸੋਮਵਾਰ) ਤੋਂ ਉਮਰ 18 ਤੋਂ 44 ਸਾਲ ਤੱਕ ਸਹਿ-ਬਿਮਾਰੀ ਯੁਕਤ (3o-morbid) ਦੇ ਵਿਅਕਤੀਆਂ ਦਾ ਟੀਕਾਕਰਨ ਸਿਹਤ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਨੇ ਦਿੱਤੀ। ਉਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੰਧੂ ਪੱਤੀ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਪਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੰਗਰੂਰ ਰੋਡ, ਧਨੌਲਾ, ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਮਹਿਲ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨਵੀਂ ਬਿਲਡਿੰਗ ਭਦੌੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੋ-ਐਡ) ਚੰਨਣਵਾਲ ਵਿਖੇ ਇਹ ਟੀਕਾਕਰਨ ਕੀਤਾ ਜਾਵੇਗਾ। ਸਿਵਲ ਸਰਜਨ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਟੀਕਾਕਰਨ ਲਈ ਲਗਾਏ ਜਾ ਰਹੇ ਇਨਾਂ ਕੈਂਪਾਂ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਟੀਕੇ ਲਗਵਾਏ ਜਾਣ ਤਾਂ ਕਿ ਅਸੀਂ ਖੁਦ, ਆਪਣੇ ਪਰਿਵਾਰ, ਆਪਣੇ ਆਲੇ-ਦੁਆਲੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਇਸ ਬਿਮਾਰੀ ਤੋਂ ਨਿਜਾਤ ਪਾਉਣ ਵਿੱਚ ਆਪਣਾ ਯੋਗਦਾਨ ਪਾ ਸਕੀਏ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫ਼ੂਲਕਾ ਨੇ ਲੋਕਾਂ ਨੂੰ ਅਪੀਲ ਕੀਤੀ ਉਹ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਕਰੋਨਾਂ ਸਬੰਧੀ ਗਾਈਡਲਾਈਨਜ਼ ਦੀ ਪਾਲਣਾ ਕਰਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮਾਸਕ ਦੀ ਵਰਤੋਂ ਕਰਨ ਅਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੇ ਬੁਖ਼ਾਰ ਦੀ ਸ਼ਿਕਾਇਤ ਮਿਲਦੀ ਹੈ ਤਾਂ ਤੁਰਤ ਸਿਵਲ ਹਸਪਤਾਲ ਵਿਖੇ ਜਾ ਕੇ ਆਪਣੇ ਚੈਕਅਪ ਕਰਵਾਉਣ ਦੀ ਅਪੀਲ ਕੀਤੀ।