ਕਿਹਾ, ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੀਤੇ ਜਾਣਗੇ ਚਲਾਣ, ਹੋਵੇਗੀ ਮਾਲ ਰਿਕਾਰਡ ਵਿੱਚ ਰੈਡ ਐਂਟਰੀ ਅਤੇ ਦਰਜ ਹੋਣਗੇ ਕੇਸ
ਡੀ.ਸੀ ਨੇ ਲੋਕਹਿੱਤ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਵਾਤਾਵਰਨ ਪ੍ਰਦੂਸਣ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਹਿਯੋਗ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗਾਂ ਬਾਰੇ ਜਾਗਰੂਕ ਕਰਨ ਲਈ ਸਰਗਰਮ ਭੂਮਿਕਾ ਨਿਭਾਏਗਾ- ਐਸ.ਐਸ.ਪੀ
ਮਾਲੇਰਕੋਟਲਾ : ਜ਼ਿਲ੍ਹੇ 'ਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਤੇ ਫ਼ਸਲਾਂ ਦੀ ਰਹਿੰਦ ਖੂਹੰਦ (ਝੋਨੇ ਦੀ ਨਾੜ/ਪਰਾਲੀ ) ਨੂੰ ਸਾੜਨ ਦੀ ਘਟਨਾਵਾਂ ਨੂੰ ਨਿਲ ਕਰਨ ਲਈ ਡਿਪਟੀ ਕਮਿਸ਼ਨਰ ਡਾ. ਪੱਲਵੀ ਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਸਿਵਲ ਤੇ ਪੁਲਿਸ ਪ੍ਰਸਾਸ਼ਨ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ । ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੁਲਿਸ ਪ੍ਰਸ਼ਾਸਨ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਿਕਾਰਤਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਉਨ੍ਹਾਂ ਹਦਾਇਤ ਕੀਤੀ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਉੱਤੇ ਪਾਬੰਦੀ ਲਗਾਈ ਗਈ ਹੈ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ ਬਿਨ ਯਕੀਨੀ ਬਣਾਇਆ ਜਾਵੇ ਅਤੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇ ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਤੋਂ ਰੋਕਣ ਅਤੇ ਇਸਨੂੰ ਅੱਗ ਲਗਾਏ ਜਾਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਜ਼ਿਲ੍ਹੇ ਵਿੱਚ 25 ਨੋਡਲ ਅਫਸਰ ਅਤੇ 154 ਕਲਸਟਰ ਅਫਸਰ ਨਿਯੁਕਤ ਕੀਤੇ ਗਏ ਹਨ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਦੀਆਂ ਅੱਗ ਲਗਾਉਣ ਦੀਆਂ ਘਟਨਾਵਾਂ ਉਪਰ ਬਾਜ ਵਰਗੀ ਨਿੱਗਾ ਰੱਖੀ ਜਾ ਸਕੇ । ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਫਾਇਰ ਬਰਗੇਡ ਨੂੰ ਤਿਆਰ ਰੱਖੋ। ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੀ ਤਾਲਮੇਲ ਨਾਲ ਰਣਨੀਤੀ ਉਲੀਕੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ।ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਨਿਲ ਕਰਨ ਲਈ ਤਤਪਰ ਹੈ ਇਸ ਲਈ ਜੀਰੋ ਸਹਿਣਸ਼ੀਲਤਾ ਦਾ ਰੁੱਖ ਅਖਤਿਆਰ ਕੀਤਾ ਜਾਵੇ। ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਲਾਣ ਕੀਤੇ ਜਾਣ ਅਤੇ ਮਾਲ ਰਿਕਾਰਡ ਵਿੱਚ ਰੈਡ ਐਂਟਰੀ ਵੀ ਕੀਤੀ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੇਸ ਵੀ ਦਰਜ ਕੀਤੇ ਜਾਣ। ਉਹਨਾਂ ਕਿਹਾ ਕਿ ਕਿਸਾਨ ਕਿਸੇ ਵੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਸਥਿਤੀ ਦੀ ਗੰਭੀਰਤਾ ਤੇ ਜੋਰ ਦਿੰਦਿਆ ਕਿਹਾ ਕਿ ਇਸ ਵਿਰੁੱਧ ਜੰਗ ਛੇੜੀ ਜਾਣਾ ਸਮੇਂ ਦੀ ਮੁੱਖ ਜਰੂਰਤ ਹੈ। ਵਾਤਾਵਰਨ ਨੂੰ ਪ੍ਰਦੂਸਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਸਾੜਿਆ ਜਾਵੇ । ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸਾਸ਼ਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਹਿਯੋਗ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗਾਂ ਬਾਰੇ ਜਾਗਰੂਕ ਕਰਨ ਲਈ ਸਰਗਰਮ ਭੂਮਿਕਾ ਨਿਭਾਏਗਾ ਤਾਂ ਜੋ ਵਾਤਾਵਰਨ ਨੂੰ ਸੁਰੱਖਿਅਤ ਕੀਤਾ ਜਾ ਸਕੇ ।ਲੋਕਹਿੱਤ ਲਈ ਕਿਸਾਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਉਨਾਂ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਹਰਬੰਸ ਸਿੰਘ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ,ਐਸ.ਪੀ.ਵੈਭਵ ਸਹਿਗਲ,ਡੀ.ਐਸ.ਪੀ.ਕੁਲਦੀਪ ਸਿੰਘ, ਡੀ.ਐਸ.ਪੀ. ਦਵਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਏ.ਏ.ਈ. ਗੁਰਿੰਦਰ ਸਿੰਘ,ਮੁੱਖ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ,ਏ.ਆਰ ਗਗਨਦੀਪ ਸਿੰਘ, ਐਡੀਸ਼ਨ ਐਸ.ਈ. ਇੰਜ ਹਰਵਿੰਦਰ ਸਿੰਘ,ਐਸ.ਡੀ.ਓ ਇੰਜ ਸਿਮਰਪ੍ਰੀਤ ਸਿੰਘ,ਤਹਿਸ਼ੀਲਦਾਰ ਸੀਸਪਾਲ ਸਿੰਗਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਮੌਜੂਦ ਸਨ ।