ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਐਤਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਲਈ ਧਰਨੇ ਵਿੱਚ ਨਸ਼ਿਆਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਦਿਆਂ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕੀਤੇ । ਧਰਨਾਕਾਰੀਆਂ ਦਾ ਕਹਿਣਾ ਹੈ ਕਿ ਸੁਨਾਮ ਦੀ ਅਨਾਜ਼ ਮੰਡੀ ਵਿੱਚ ਝੋਨੇ ਦੀ ਜਗ੍ਹਾ ਚਿੱਟਾ ਸ਼ਰੇਆਮ ਵਿਕ ਰਿਹਾ ਹੈ। ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੇ ਤੀਜੇ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਸੁਖਪਾਲ ਸਿੰਘ ਮਾਣਕ ਨੇ ਕਿਹਾ ਕਿ ਸੁਨਾਮ ਦੀ ਅਨਾਜ਼ ਮੰਡੀ ਵਿੱਚ ਝੋਨਾ ਨਹੀਂ ਵਿਕ ਰਿਹਾ ਸਗੋਂ ਮੰਡੀ ਨੇੜੇ ਕਥਿਤ ਤੌਰ ਤੇ ਖੁੱਲ੍ਹੇਆਮ ਨਸ਼ਾ ਵੇਚਿਆ ਜਾ ਰਿਹਾ ਹੈ। ਨਸ਼ਾ ਤਸਕਰ ਸ਼ਰੇਆਮ ਨਸ਼ਾ ਵੇਚ ਰਹੇ ਹਨ। ਨੌਜਵਾਨ ਨਸ਼ਿਆਂ ਵਿੱਚ ਡੁੱਬ ਗਏ ਹਨ ਅਤੇ ਬਜ਼ੁਰਗਾਂ ਨੂੰ ਖੇਤੀ ਦਾ ਕੰਮ ਸੰਭਾਲਣ ਲਈ ਮਜ਼ਬੂਰ ਹੋਣਾ ਪਿਆ ਹੈ, ਕੀ ਪੰਜਾਬ ਅੰਦਰ ਸੱਚਮੁੱਚ ਅਜਿਹਾ ਬਦਲਾਅ ਆਇਆ ਹੈ ? ਕਿਸਾਨ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਪੁਲਿਸ ਪ੍ਰਸ਼ਾਸਨ ਕਥਿਤ ਤੌਰ ਤੇ ਮੂਕ ਦਰਸ਼ਕ ਬਣਕੇ ਦੇਖ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਝੋਨੇ ਦੀ ਖ਼ਰੀਦ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ ਜਥੇਬੰਦੀ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਮੂਹਰੇ ਲਾਏ ਧਰਨਿਆਂ ਵਿੱਚ ਕਿਸਾਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ। ਧਰਨੇ ਮੰਗਾਂ ਦੀ ਪ੍ਰਾਪਤੀ ਤੱਕ ਨਿਰਵਿਘਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਕੇਂਦਰ ਅਤੇ ਸੂਬੇ ਦੀ ਸਰਕਾਰ ਸੰਜੀਦਗੀ ਨਾਲ ਨਹੀਂ ਲੈ ਰਹੀ । ਧਰਨੇ ਵਿੱਚ ਮਹਿੰਦਰ ਸਿੰਘ ਨਮੋਲ, ਮਨੀ ਸਿੰਘ ਭੈਣੀ, ਯਾਦਵਿੰਦਰ ਚੱਠੇ ਨਕਟੇ, ਜੀਤ ਗੰਢੂਆਂ, ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਬਲਜੀਤ ਕੌਰ ਖਡਿਆਲ ਆਦਿ ਨੇ ਵੀ ਸੰਬੋਧਨ ਕੀਤਾ।