ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾਕਟਰ ਧਰਮਿੰਦਰਜੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ ਇਸੇ ਕੜੀ ਤਹਿਤ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਹਰਮਨਜੀਤ ਸਿੰਘ ਨੇ ਪਿੰਡ ਸਹਿਜਾਦਪੁਰ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਵਿੱਚ ਕਿਸਾਨਾਂ ਨੂੰ ਝੋਨੇ ਦੀ ਘਟਾਈ ਕੇਵਲ ਐਸਐਮਐਸ ਵਾਲੀਆਂ ਕੰਬਾਈਨਾਂ ਨਾਲ ਹੀ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸੁਪਰ ਐਸ.ਐਮ.ਐਸ ਵਾਲੀ ਮਸ਼ੀਨ ਨਾਲ ਕਟਾਈ ਕਰਨ ਉਪਰੰਤ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਬਿਜਾਈ ਕਰਕੇ ਖੇਤੀ ਖਰਚੇ ਘਟਾਏ ਜਾ ਸਕਦੇ ਹਨ ਅਤੇ ਇਸ ਤਰ੍ਹਾਂ ਬਿਜਾਈ ਕਰਨ ਨਾਲ ਨਦੀਨਾਂ ਦੀ ਸਮੱਸਿਆ ਵੀ ਘੱਟ ਆਉਂਦੀ ਹੈ, ਜਮੀਨ ਦੇ ਜੈਵਿਕ ਮਾਦੇ ਵਿੱਚ ਵਾਧਾ ਹੁੰਦਾ ਹੈ ਤੇ ਪਰਾਲੀ ਨੂੰ ਖੇਤ ਵਿੱਚ ਰਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਖਾਦਾਂ ਦੀ ਵਰਤੋਂ ਘੱਟ ਹੁੰਦੀ ਹੈ।
ਸ੍ਰੀ ਜਤਿੰਦਰ ਸਿੰਘ, ਡੀ.ਪੀ.ਡੀ ਨੇ ਦੱਸਿਆ ਕਿ ਕਿਸਾਨ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜਿਲ੍ਹੇ ਦੇ ਵਿਅਕਤੀਗਤ ਕਿਸਾਨਾਂ ਅਤੇ ਕਿਸਾਨ ਗਰੁੱਪਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਵੱਖ-ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਸਰਫੇਸ ਸੀਡਰ, ਸਮਾਰਟ ਸੀਡਰ, ਉਲਟਾਂਵਾ ਹਲ, ਪੈਡੀ ਸਟਰਾਅ ਚੌਪਰ-ਕਮ-ਸ਼ਰੈਡਰ, ਸੁਪਰ ਐਸ.ਐਮ.ਐਸ, ਬੇਲਰ, ਰੇਕ ਆਦਿ ਸਬਸਿਡੀ ਤੇ ਦਿੱਤੀਆਂ ਗਈਆਂ ਹਨ। ਜਿਨ੍ਹਾਂ ਕਿਸਾਨਾਂ ਕੋਲ ਘੱਟ ਜਮੀਨ ਹੈ, ਉਹ ਕਿਸਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਕਸਟਮ ਹਾਈਰਿੰਗ ਸੈਟਰਾਂ ਤੋਂ ਕਿਰਾਏ ਤੇ ਖੇਤੀ ਮਸ਼ੀਨਰੀ ਲੈ ਕੇ ਪਰਾਲੀ ਦੀ ਸਾਂਭ-ਸੰਭਾਲ ਕਰ ਸਕਦੇ ਹਨ। ਸ੍ਰੀ ਸਿਮਰਜੀਤ ਸਿੰਘ, ਜਿਲ੍ਹਾ ਕੋਆਰਡੀਨੇਟਰ, ਮਾਨਵ ਵਿਕਾਸ ਸੰਸਥਾ ਨੇ ਕਿਹਾ ਕਿ ਝੋਨੇ ਦੀ ਪਰਾਲੀ/ ਰਹਿੰਦ-ਖੂਹੰਦ ਨੂੰ ਅੱਗ ਲਾਉਣ ਨਾਲ ਜਮੀਨ ਅੰਦਰ ਕੁਦਰਤੀ ਤੱਤਾਂ, ਮਿੱਤਰ ਕੀੜਿਆਂ ਦਾ ਖਾਤਮਾ ਅਤੇ ਪਸ਼ੂ-ਪੰਛੀਆਂ, ਇਨਸਾਨਾਂ ਵਿੱਚ ਗੰਭੀਰ ਬਿਮਾਰੀਆਂ ਫੈਲਣ ਦਾ ਖਤਰਾ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਪਰਾਲੀ ਨੂੰ ਖੇਤਾਂ ਵਿੱਚ ਹੀ ਰਲਾਉਣ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿੱਚ ਯੋਗਦਾਨ ਪਾਉਣ ਤਾਂ ਜੋ ਕੁਦਰਤੀ ਸੋਮਿਆਂ ਨੂੰ ਬਚਾਇਆ ਜਾ ਸਕੇ।