ਮੋਗਾ : ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਵਲੋਂ ਸ਼ਹਿਰ ਤੇ ਇਲਾਕੇ ਦੀਆਂ ਧਾਰਮਿਕ, ਸਮਾਜ ਸੇਵੀ ਤੇ ਰਾਜਸੀ ਸ਼ਖ਼ਸੀਅਤਾਂ ਅਤੇ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 490 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਸ਼ਬਦ ਪ੍ਰਚਾਰ ਗੁਰਮਤਿ ਕੀਰਤਨ ਸਮਾਗਮ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਵਿਖੇ ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਕਲਾਂ ਤੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਵਿਚ ਦੁਰ-ਦਰਾਡੇ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰ ਕੇ ਗੁਰੂ ਜੱਸ ਸਰਵਣ ਕੀਤਾ। ਸਮਾਗਮ ਦੀ ਸ਼ੁਰੂਆਤ ਸੋਦਰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਨੰਨ੍ਹੇ ਮੁੰਨੇ ਬੱਚਿਆਂ ਨੇ ਕੀਰਤਨ ਦੀ ਸ਼ੁਰੂਆਤ ਕੀਤੀ। ਭਾਈ ਪਰਮਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੀਬੀ ਕਾਹਨ ਕੌਰ, ਵਿਦਿਆਰਥੀ ਬਾਬਾ ਸੁੱਚਾ ਸਿੰਘ ਸੰਗੀਤ ਅਕੈਡਮੀ ਜੰਡਿਆਲਾ ਗੁਰੂ ਵਾਲਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਪ੍ਰਦੀਪ ਸਿੰਘ ਦਿੱਲੀ ਵਾਲੇ (ਗਾਵਹੁ ਸੱਚੀ ਬਾਣੀ ਦੇ ਵਿਜੇਤਾ), ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਨੇ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਹਜ਼ਾਰਾਂ ਦੀ ਤਾਦਾਦ ਵਿਚ ਇਕੱਤਰ ਸੰਗਤਾਂ ਨਾਲ ਗੁਰਬਾਣੀ ਦੀ ਸਾਂਝ ਪਾਈ। ਪ੍ਰੋਗਰਾਮ ਦੇ ਅਖੀਰ ਵਿਚ ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਵਾਲੇ (ਲੁਧਿਆਣਾ) ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਮੰਤਰ ਮੁਗਧ ਕੀਤਾ। ਉਨ੍ਹਾਂ ਕਿਹਾ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਤੇ ਉਨ੍ਹਾਂ ਦੀਆਂ ਸਹਿਯੋਗੀ ਜਥੇਬੰਦੀਆਂ ਤੇ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਨੂੰ ਸਮਾਗਮ ਕਰਵਾਉਣ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਕਰਵਾਉਣੇ ਅਜੋਕੇ ਸਮੇਂ ਦੀ ਮੁੱਖ ਲੋੜ ਹਨ ਤਾਂ ਜੋ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਸੇ ਨਾਲ ਜੋੜ ਸਕੀਏ। ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਤੇ ਬਲਜਿੰਦਰ ਸਿੰਘ ਸਹਿਗਲ ਨੇ ਬਾਖ਼ੂਬੀ ਨਿਭਾਇਆ। ਇਸ ਮੌਕੇ ਸੁਰਿੰਦਰਪਾਲ ਸਿੰਘ ਨੇ ਸਮਾਗਮ ਵਿਚ ਪੁੱਜੇ ਕੀਰਤਨੀ ਜਥੇ ਤੇ ਪੰਥ ਦੇ ਪ੍ਰਸਿੱਧ ਵਿਦਵਾਨਾਂ ਤੇ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਸਮਾਗਮ ਦੀ ਸਫਲਤਾ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਭਾਈ ਹਰਜਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਤੇ ਪ੍ਰਿੰਸੀਪਲ ਸੁਖਵੰਤ ਸਿੰਘ ਜਵੱਦੀ ਵਾਲਿਆਂ ਨੂੰ ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟ ਕਰ ਕੇ ਵਿਸ਼ੇਸ਼ ਤੌਰ ’ਤੇ ਸੁਸਾਇਟੀ ਦੇ ਅਹੁਦੇਦਾਰਾਂ ਬਲਜੀਤ ਸਿੰਘ ਵਿੱਕੀ ਪ੍ਰਧਾਨ, ਮੇਅਰ ਬਲਜੀਤ ਸਿੰਘ ਚਾਨੀ, ਭੁਪਿੰਦਰ ਸਿੰਘ ਬਬਲੂ, ਜਸਪਾਲ ਸਿੰਘ ਬੱਬੀ, ਗੁਰਸੇਵਕ ਸਿੰਘ ਸੰਨਿਆਸੀ, ਬਲਜਿੰਦਰ ਸਿੰਘ ਸਹਿਗਲ, ਬਲਦੇਵ ਸਿੰਘ ਛਾਬੜਾ, ਸਤਨਾਮ ਸਿੰਘ ਬੀ.ਏ., ਰਣਜੀਤ ਸਿੰਘ ਵਾਲੀਆ, ਬਾਬਾ ਮਹਿੰਦਰ ਸਿੰਘ ਜਨੇਰ ਟਕਸਾਲ, ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਇੰਚਾਰਜ ਧਰਮਕੋਟ, ਸਾਬਕਾ ਵਿਧਾਇਕ ਵਿਜੇ ਸਾਥੀ, ਹਲਕਾ ਇੰਚਾਰਜ ਕਾਂਗਰਸ ਮਾਲਵਿਕਾ ਸੂਦ ਸੱਚਰ, ਡਾ. ਪਵਨ ਥਾਪਰ ਸੀਨੀਅਰ ਆਗੂ, ਸੰਜੀਤ ਸਿੰਘ ਸਨੀ ਗਿੱਲ ਹਲਕਾ ਇੰਚਾਰਜ ਮੋਗਾ, ਵਿਨੋਦ ਬਾਂਸਲ ਸਾਬਕਾ ਚੇਅਰਮੈਨ, ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ, ਰਜਿੰਦਰ ਸਿੰਘ ਡੱਲਾ ਐਮ.ਡੀ. ਮੈਕਰੋ ਗਲੋਬਲ, ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ, ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।